ਲੁਧਿਆਣਾ, ਪੰਜਾਬ : ਪੰਜਾਬ ਦੇ ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਅੱਜ ਦੁਪਹਿਰ 1:0 0 ਵਜੇ ਦੇ ਕਰੀਬ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਖਾਲੀ ਕਰਵਾ ਦਿੱਤਾ, ਇਹ ਕਦਮ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ (BKMU) ਦੀ ਅਗਵਾਈ ਹੇਠ ਚੁੱਕਿਆ ਗਿਆ, ਜਿੱਥੇ ਕਿਸਾਨਾਂ ਨੇ ਧਰਨਾ ਦਿੱਤਾ ਅਤੇ ਟੋਲ ਵਸੂਲੀ ਬੰਦ ਕਰ ਦਿੱਤੀ। ਦੱਸ ਦਈਏ ਕਿ ਇਹ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਿਆਂ ਵਿੱਚੋਂ ਇੱਕ ਹੈ। 

ਕਿਸਾਨਾਂ ਦਾ ਦੋਸ਼ ਹੈ: “ਸੜਕਾਂ ਖਰਾਬ ਹਨ, ਤਾਂ ਟੋਲ ਕਿਉਂ’ ?

ਕਿਸਾਨਾਂ ਦਾ ਕਹਿਣਾ ਹੈ ਕਿ ਪਿੰਡ ਮੰਗਲੀ ਤੋਂ ਲਾਡੋਵਾਲ ਟੋਲ ਤੱਕ ਸੜਕ ਬਹੁਤ ਮਾੜੀ ਹਾਲਤ ਵਿੱਚ ਹੈ, ਜਿਸ ਕਾਰਨ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੂੰ ਬਹੁਤ ਪਰੇਸ਼ਾਨੀ ਹੋ ਰਹੀ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ, “ਸੜਕ ਦੀ ਹਾਲਤ ਇੰਨੀ ਮਾੜੀ ਹੈ ਕਿ ਵਾਹਨ ਚਲਾਉਣਾ ਵੀ ਮੁਸ਼ਕਲ ਹੈ। ਜੇਕਰ ਕੋਈ ਗਰਭਵਤੀ ਔਰਤ ਉਸ ਸੜਕ ‘ਤੇ ਯਾਤਰਾ ਕਰਦੀ ਹੈ, ਤਾਂ ਉਸਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ।”

ਉਨ੍ਹਾਂ ਅੱਗੇ ਦੋਸ਼ ਲਗਾਇਆ ਕਿ “ਸ਼ਾਮ ਨੂੰ ਬਸਤੀ ਜੋਧੇਵਾਲ ਚੌਕ ਤੱਕ ਸੜਕ ਵਿਕਰੇਤਾਵਾਂ ਨਾਲ ਭਰੀ ਰਹਿੰਦੀ ਹੈ, ਜਿਸ ਕਾਰਨ ਭਾਰੀ ਟ੍ਰੈਫਿਕ ਜਾਮ ਲੱਗ ਜਾਂਦਾ ਹੈ।” ਆਉਣ ਜਾਣ ਵਿੱਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। 

ਟੋਲ ਪਲਾਜ਼ਾ ਪ੍ਰਬੰਧਨ ਅਤੇ ਕਿਸਾਨਾਂ ਦੀ ਗੱਲਬਾਤ

ਪ੍ਰਦਰਸ਼ਨ ਤੋਂ ਪਹਿਲਾਂ, ਟੋਲ ਪਲਾਜ਼ਾ ਮੈਨੇਜਰ ਵਿਪਿਨ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, “ਅਸੀਂ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਾਂ, ਪਰ ਅਸੀਂ ਸੜਕ ਦੀ ਹਾਲਤ ਲਈ ਜ਼ਿੰਮੇਵਾਰ ਨਹੀਂ ਹਾਂ। ਸਾਨੂੰ ਇਸ ਬਾਰੇ ਪ੍ਰਸ਼ਾਸਨ ਨਾਲ ਚਰਚਾ ਕਰਨੀ ਚਾਹੀਦੀ ਹੈ।”ਪ੍ਰਬੰਧਨ ਦੇ ਜਵਾਬ ਤੋਂ ਅਸੰਤੁਸ਼ਟ, ਕਿਸਾਨਾਂ ਨੇ ਟੋਲ ਪਲਾਜ਼ਾ ਖਾਲੀ ਕਰ ਦਿੱਤਾ, ਜਿਸ ਤੋਂ ਬਾਅਦ ਉੱਥੋਂ ਲੰਘਣ ਵਾਲੇ ਵਾਹਨਾਂ ਤੋਂ ਕੋਈ ਟੋਲ ਫੀਸ ਨਹੀਂ ਲਈ ਜਾ ਰਹੀ ਹੈ।

ਪ੍ਰਸ਼ਾਸਨ ਅਲਰਟ ‘ਤੇ

ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਪੁਲਿਸ ਅਤੇ ਪ੍ਰਸ਼ਾਸਨ ਅਲਰਟ ‘ਤੇ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਟੋਲ ਪਲਾਜ਼ਾ ਖੇਤਰ ਵਿੱਚ ਦੋ ਤੋਂ ਤਿੰਨ ਥਾਣਿਆਂ ਅਤੇ ਪੁਲਿਸ ਚੌਕੀਆਂ ਦੀਆਂ ਫੋਰਸਾਂ ਤਾਇਨਾਤ ਕੀਤੀਆਂ ਗਈਆਂ ਹਨ।

ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦੀ ਇਹ ਕਾਰਵਾਈ ਇੱਕ ਵਾਰ ਫਿਰ ਟੋਲ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਸੜਕ ਦੀ ਗੁਣਵੱਤਾ ‘ਤੇ ਸਵਾਲ ਖੜ੍ਹੇ ਕਰਦੀ ਹੈ। ਜਦੋਂ ਤੱਕ ਸੜਕਾਂ ਦੀ ਮੁਰੰਮਤ ਨਹੀਂ ਹੋ ਜਾਂਦੀ, ਟੋਲ ਵਸੂਲੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।