
Amritsar: ‘ਮਾਨ ਦੇ ਮੁਨਾਫੇ’ ਯੋਜਨਾ ਤਹਿਤ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਲੋਕ ਭਲਾਈ ਯੋਜਨਾਵਾਂ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸੇ ਕੜੀ ਤਹਿਤ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਕਲਾਂ ਵਿੱਚ ਡੋਰ-ਟੂ-ਡੋਰ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਲੋਕ ਭਲਾਈ ਕਾਰਜਾਂ ਅਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਬਿਹਤਰੀ ਅਤੇ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਭਰਪੂਰ ਲਾਭ ਉਠਾਉਣ ਅਤੇ ਸਰਕਾਰੀ ਸਹੂਲਤਾਂ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਨ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸੂਬਾ ਵਾਸੀਆਂ ਨੂੰ ਦਿੱਤੇ ਗਏ ਲਾਭਾਂ ਅਤੇ ਕੀਤੇ ਗਏ ਕੰਮਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦੇਣਗੇ ਅਤੇ ਸੂਬੇ ਦੀ ਸੇਵਾ ਦਾ ਮੌਕਾ ਪ੍ਰਦਾਨ ਕਰਨਗੇ।
ਇਸ ਮੌਕੇ ‘ਤੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।