
ਮੱਧ ਪ੍ਰਦੇਸ਼ ਨਿਊਜ਼ : ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 30 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ।
ਇਹ ਘਟਨਾ ਕਰਨਾਪੱਥਰ ਥਾਣਾ ਖੇਤਰ ਦੇ ਬਿਜੌਰਾ ਪਿੰਡ ਨੇੜੇ ਵਾਪਰੀ। ਜਾਣਕਾਰੀ ਮੁਤਾਬਕ ਟਰੈਕਟਰ-ਟਰਾਲੀ ਵਿੱਚ ਲਗਭਗ 50 ਸ਼ਰਧਾਲੂ ਸਵਾਰ ਸਨ, ਜੋ ਪੂਜਾ ਲਈ ਪਦਮਾਨੀਆ ਤੋਂ ਬਿਜੌਰਾ ਪਿੰਡ ਜਾ ਰਹੇ ਸਨ। ਅਚਾਨਕ ਡਰਾਈਵਰ ਦਾ ਵਾਹਨ ‘ਤੇ ਕੰਟਰੋਲ ਖਤਮ ਹੋ ਗਿਆ ਅਤੇ ਟਰਾਲੀ ਪਲਟ ਗਈ।
ਪੁਲਿਸ ਅਨੁਸਾਰ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ 4 ਹੋਰਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨੇ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਨਾਲ ਸੰਵੇਦਨਾ ਜਤਾਈ ਹੈ।
ਸਰਕਾਰ ਵੱਲੋਂ ਹਰ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਜ਼ਖਮੀਆਂ ਦੇ ਮੁਫ਼ਤ ਇਲਾਜ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਹਾਦਸੇ ਨੇ ਇੱਕ ਵਾਰ ਫਿਰ ਸ਼ਰਧਾਲੂਆਂ ਦੀ ਆਵਾਜਾਈ ਲਈ ਵਰਤੇ ਜਾਂਦੇ ਟਰੈਕਟਰ-ਟਰਾਲੀਆਂ ਦੀ ਸੁਰੱਖਿਆ ਅਤੇ ਨਿਯਮਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।