ਸੰਗਰੂਰ ਵਿੱਚ ਅੱਜ ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਗੇਟ ਰੈਲੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕਾਲਾ ਘਰਾਚੋਂ ਅਤੇ ਵਧੀਕ ਸਕੱਤਰ ਜਨਰਲ ਰਣਜੀਤ ਸਿੰਘ ਭੀਖੀ ਸਮੇਤ ਵੱਖ-ਵੱਖ ਵਿਭਾਗਾਂ ਦੇ ਆਗੂਆਂ ਨੇ ਸਰਕਾਰ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋਇਆ, ਜਿਸ ਕਾਰਨ ਸੂਬਾ ਕਮੇਟੀ ਨੇ 17 ਅਤੇ 18 ਅਗਸਤ ਦੀ ਹੜਤਾਲ ਨੂੰ ਹੁਣ 21 ਅਗਸਤ ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ।
ਗੇਟ ਰੈਲੀ ਵਿੱਚ ਡੀਸੀ ਦਫ਼ਤਰ, ਖੇਤੀਬਾੜੀ, ਮੰਡੀ ਬੋਰਡ, ਐਕਸਾਈਜ਼ ਤੇ ਟੈਕਸੇਸ਼ਨ, ਕੋਆਪਰੇਟਿਵ, ਇਰੀਗੇਸ਼ਨ, ਪੀਡਬਲਿਊਡੀ, ਪਸ਼ੂ ਪਾਲਣ, ਸਿੱਖਿਆ, ਫੂਡ ਸਪਲਾਈ, ਖ਼ਜ਼ਾਨਾ, ਸਿਵਲ ਸਰਜਨ, ਬਾਗ਼ਬਾਨੀ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਕਈ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਹੋਏ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 21 ਅਗਸਤ ਤੱਕ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦਾ ਹੱਲ ਨਾ ਕੀਤਾ ਤਾਂ 27 ਅਗਸਤ ਨੂੰ ਸੂਬੇ ਭਰ ਦੇ ਵਿਭਾਗਾਂ ਅਤੇ ਅਦਾਰਿਆਂ ਦਾ ਕੰਮ ਮੁਕੰਮਲ ਤੌਰ ’ਤੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਮਨਿਸਟੀਰੀਅਲ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਹੁਣ ਸਰਕਾਰ ਅਤੇ ਮੁਲਾਜ਼ਮ ਜਥੇਬੰਦੀ ਵਿਚਕਾਰ ਗੱਲਬਾਤ ਰਾਹੀਂ ਮਸਲਾ ਹੱਲ ਹੋਣ ਦੀ ਉਡੀਕ ਹੈ।
