Site icon Dainik Savera Punjab

Moga Crime: ਪਤੀ-ਪਤਨੀ ਦੇ ਵਿਵਾਦ ਤੋਂ ਬਾਅਦ ਪੇਕੇ ਪਰਿਵਾਰ ’ਤੇ ਕੁੱਟਮਾਰ ਦੇ ਦੋਸ਼, 5 ਲੋਕਾਂ ਖ਼ਿਲਾਫ਼ ਕੇਸ ਦਰਜ

Moga:  ਥਾਣਾ ਧਰਮਕੋਟ ਪੁਲਿਸ ਨੇ ਪਿੰਡ ਫਿਰੋਜ਼ਵਾਲਾ ਮੰਗਲ ਸਿੰਘ ਵਾਸੀ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਕੁੱਟਮਾਰ ਦੇ ਦੋਸ਼ ਹੇਠ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਘਰੇਲੂ ਵਿਵਾਦ ਤੋਂ ਬਾਅਦ ਉਸ ਦੀ ਪਤਨੀ ਨੇ ਆਪਣੇ ਪੇਕੇ ਪਰਿਵਾਰ ਦੇ ਲੋਕਾਂ ਨੂੰ ਬੁਲਾਇਆ, ਜਿਨ੍ਹਾਂ ਨੇ ਕਥਿਤ ਤੌਰ ’ਤੇ ਉਸ ਅਤੇ ਉਸ ਦੇ ਪਿਤਾ ਨਾਲ ਕੁੱਟਮਾਰ ਕੀਤੀ।

ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਫਿਰੋਜ਼ਵਾਲਾ ਮੰਗਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ 27 ਅਗਸਤ ਨੂੰ ਕਿਸੇ ਗੱਲ ਨੂੰ ਲੈ ਕੇ ਉਸ ਦਾ ਆਪਣੀ ਪਤਨੀ ਨਾਲ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਉਸ ਦੀ ਪਤਨੀ ਨੇ ਆਪਣੇ ਪੇਕੇ ਪਰਿਵਾਰ ਦੇ ਕੁਝ ਲੋਕਾਂ ਨੂੰ ਬੁਲਾ ਲਿਆ।

ਸ਼ਿਕਾਇਤ ਮੁਤਾਬਕ ਇਸ ਤੋਂ ਬਾਅਦ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਅਤੇ ਉਸ ਦੇ ਪਿਤਾ ਜਗਤਾਰ ਸਿੰਘ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਸੱਟਾਂ ਲੱਗੀਆਂ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟ ਈਸੇ ਖਾਂ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਮੁਤਾਬਕ ਮੈਡੀਕਲ ਜਾਂਚ ਦੌਰਾਨ ਸ਼ਿਕਾਇਤਕਰਤਾ ਅਤੇ ਉਸ ਦੇ ਪਿਤਾ ਦੀਆਂ ਅੰਦਰੂਨੀ ਸੱਟਾਂ ਨਾਲ ਸਬੰਧਤ ਰਿਪੋਰਟ ਵੀ ਸਾਹਮਣੇ ਆਈ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋ ਸੱਟਾਂ ਗੰਭੀਰ ਪਾਏ ਜਾਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਸੁਖਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਫਿਰੋਜ਼ਵਾਲਾ ਮੰਗਲ ਸਿੰਘ, ਜਗਦੀਪ ਸਿੰਘ ਉਰਫ਼ ਜੋਰਾ, ਅਮਨ ਸਿੰਘ, ਗੁਰਮੇਲ ਕੌਰ ਅਤੇ ਅਮਨਦੀਪ ਕੌਰ, ਸਾਰੇ ਵਾਸੀ ਮਲਸੀਹਾਂ ਬਾਜਣ, ਥਾਣਾ ਸਿੱਧਵਾਂ ਬੇਟ, ਜ਼ਿਲ੍ਹਾ ਲੁਧਿਆਣਾ ਨੂੰ ਨਾਮਜ਼ਦ ਕੀਤਾ ਗਿਆ ਹੈ।

ਥਾਣਾ ਧਰਮਕੋਟ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਸ਼ਿਕਾਇਤ, ਮੈਡੀਕਲ ਰਿਪੋਰਟ ਅਤੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਵਿੱਚ ਅਗਲੀ ਕਾਰਵਾਈ ਜਾਂਚ ਦੇ ਆਧਾਰ ’ਤੇ ਕੀਤੀ ਜਾਵੇਗੀ।

Exit mobile version