Last Updated: November 7, 2026

Dainik Savera Times Logo

Moga Police Awareness Campaign: ਪਰਾਲੀ ਸਾੜਨ ਤੋਂ ਰੋਕਣ ਲਈ ਮੋਗਾ ਪੁਲਿਸ ਸਰਗਰਮ, 50 ਟੀਮਾਂ ਨੇ ਖੇਤਾਂ ‘ਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

6 November 2026 ਅੱਪਡੇਟ ਕੀਤਾ ਗਿਆ

Moga Police Awareness Campaign: ਪਰਾਲੀ ਸਾੜਨ ਤੋਂ ਰੋਕਣ ਲਈ ਮੋਗਾ ਪੁਲਿਸ ਸਰਗਰਮ, 50 ਟੀਮਾਂ ਨੇ ਖੇਤਾਂ ‘ਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

Moga: ਪਰਾਲੀ ਸਾੜਨ ਕਾਰਨ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਮੋਗਾ ਜ਼ਿਲ੍ਹਾ ਪੁਲਿਸ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਪੁਲਿਸ ਦੀਆਂ ਲਗਭਗ 50 ਟੀਮਾਂ ਵੱਖ-ਵੱਖ ਪਿੰਡਾਂ ਅਤੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਸੰਪਰਕ ਕਰ ਰਹੀਆਂ ਹਨ। ਟੀਮਾਂ ਵੱਲੋਂ ਪਰਾਲੀ ਦੇ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ, ਖੇਤੀਬਾੜੀ ਮਸ਼ੀਨਰੀ ਅਤੇ ਸਰਕਾਰੀ ਸਬਸਿਡੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸੇ ਲੜੀ ਵਿੱਚ ਡੀਐਸਪੀ ਹੈੱਡਕੁਆਰਟਰ ਮੋਗਾ ਮਨਮੋਹਨ ਸ਼ਰਮਾ, ਪੀਪੀਐਸ, ਨੇ ਪਿੰਡ ਬੁੱਘੀਪੁਰਾ ਅਤੇ ਮਹਿਣਾ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉੱਥੇ ਹੀ ਡੀਐਸਪੀ (ਹੋਮੀਸਾਈਡ ਅਤੇ ਫੋਰੈਂਸਿਕ) ਸਤਵੰਤ ਸਿੰਘ, ਪੀਪੀਐਸ, ਨੇ ਪਿੰਡ ਕੋਕਰੀ ਕਲਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਅਧਿਕਾਰੀਆਂ ਨੇ ਸਮਝਾਇਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਦੇ ਨਾਲ-ਨਾਲ ਲੋਕਾਂ ਦੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਕਰੀਬ 50 ਟੀਮਾਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਇਸ ਮੁੱਦੇ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਇਹ ਟੀਮਾਂ ਖੇਤੀਬਾੜੀ ਵਿਭਾਗ ਅਤੇ ਹੋਰ ਸਿਵਲ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਆਧੁਨਿਕ ਖੇਤੀ ਮਸ਼ੀਨਰੀ ਅਤੇ ਸਬਸਿਡੀ ਯੋਜਨਾਵਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ, ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਸ ਦਾ ਸਹੀ ਪ੍ਰਬੰਧ ਕਰ ਸਕਣ।

ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਸਾੜਨ ਨਾਲ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਹਵਾ ਵਿੱਚ ਪ੍ਰਦੂਸ਼ਣ ਵਧਾਉਂਦਾ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਸਬੰਧੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਖੇਤਾਂ ਵਿੱਚ ਅੱਗ ਲਾਉਣ ਨਾਲ ਮਿੱਟੀ ਦੇ ਲਾਭਦਾਇਕ ਕੀੜੇ ਨਸ਼ਟ ਹੋ ਜਾਂਦੇ ਹਨ ਅਤੇ ਜ਼ਮੀਨ ਦੇ ਜ਼ਰੂਰੀ ਪੌਸ਼ਟਿਕ ਤੱਤ ਵੀ ਪ੍ਰਭਾਵਿਤ ਹੁੰਦੇ ਹਨ। ਇਸ ਦਾ ਮਾੜਾ ਅਸਰ ਲੰਬੇ ਸਮੇਂ ਵਿੱਚ ਮਿੱਟੀ ਦੀ ਉਪਜਾਊ ਸਮਰੱਥਾ ‘ਤੇ ਪੈ ਸਕਦਾ ਹੈ।

ਮੁਹਿੰਮ ਦੌਰਾਨ ਕਿਸਾਨਾਂ ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM), ਨਵੀਂ ਦਿੱਲੀ ਅਤੇ ਸੁਪਰੀਮ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ। ਪੁਲਿਸ ਨੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਸਾੜਨ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਇਸ ਦੇ ਪ੍ਰਬੰਧਨ ਲਈ ਸੁਪਰ ਸੀਡਰ, ਹੈਪੀ ਸੀਡਰ, ਬੇਲਰ ਸਮੇਤ ਹੋਰ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ। ਅਧਿਕਾਰੀਆਂ ਨੇ ਕਿਹਾ ਕਿ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਣ ਕਾਇਮ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਮੋਗਾ ਪੁਲਿਸ ਨੇ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੈਦਾਨੀ ਪੱਧਰ ‘ਤੇ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਨਿਗਰਾਨੀ ਰੱਖੀ ਜਾ ਰਹੀ ਹੈ। ਨਿਯਮਾਂ ਦੀ ਉਲੰਘਣਾ ਕਰਕੇ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਸਾਨਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਪਰਾਲੀ ਦਾ ਵਿਗਿਆਨਕ ਤਰੀਕੇ ਨਾਲ ਨਿਪਟਾਰਾ ਕਰਨ ਦੀ ਅਪੀਲ ਕੀਤੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.