
Moga Police: ਨਸ਼ਾ ਤਸਕਰੀ, ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਮੋਗਾ ਜ਼ਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ 10 ਤੋਂ 16 ਅਕਤੂਬਰ 2026 ਤੱਕ ਕੀਤੀਆਂ ਕਾਰਵਾਈਆਂ ਦੌਰਾਨ ਪੁਲਿਸ ਨੇ 41 ਮਾਮਲੇ ਦਰਜ ਕਰਕੇ 63 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 343 ਗ੍ਰਾਮ ਹੈਰੋਇਨ, 635 ਨਸ਼ੀਲੀਆਂ ਗੋਲੀਆਂ, 5.60 ਲੱਖ ਰੁਪਏ ਦੀ ਡਰੱਗ ਮਨੀ, 27 ਹਜ਼ਾਰ ਲੀਟਰ ਨਾਜਾਇਜ਼ ਸ਼ਰਾਬ, 160 ਲੀਟਰ ਲਾਹਣ, ਦੋ ਪਿਸਤੌਲ, ਦੋ ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਕੁਝ ਵਾਹਨ ਵੀ ਜ਼ਬਤ ਕੀਤੇ ਗਏ ਹਨ।
ਜ਼ਿਲ੍ਹਾ ਪੁਲਿਸ ਮੁਖੀ (SSP) ਸਰਤਾਜ ਸਿੰਘ ਚਾਹਲ, IPS ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੁਹਿੰਮਾਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਪਿੰਡਾਂ ਦੇ ਪਹਿਰੇਦਾਰ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਸ਼ੱਕੀ ਇਲਾਕਿਆਂ ਵਿੱਚ ਨਿਗਰਾਨੀ ਵਧਾਈ ਗਈ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
36 NDPS ਮਾਮਲਿਆਂ ਵਿੱਚ 57 ਮੁਲਜ਼ਮ ਗ੍ਰਿਫ਼ਤਾਰ
SSP ਨੇ ਦੱਸਿਆ ਕਿ ਇੱਕ ਹਫ਼ਤੇ ਦੌਰਾਨ NDPS ਐਕਟ ਤਹਿਤ 36 ਮਾਮਲੇ ਦਰਜ ਕੀਤੇ ਗਏ ਅਤੇ 57 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 343 ਗ੍ਰਾਮ ਹੈਰੋਇਨ, 635 ਨਸ਼ੀਲੀਆਂ ਗੋਲੀਆਂ ਅਤੇ 5.60 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਕਾਰਵਾਈ ਦੌਰਾਨ ਇੱਕ ਵਰਨਾ ਕਾਰ ਵੀ ਜ਼ਬਤ ਕੀਤੀ ਗਈ। ਪੁਲਿਸ ਅਨੁਸਾਰ ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਚਾਰ CASO ਆਪਰੇਸ਼ਨ ਚਲਾ ਕੇ 11 ਮਾਮਲੇ ਦਰਜ
ਨਸ਼ਾ ਤਸਕਰੀ ’ਤੇ ਕਾਬੂ ਪਾਉਣ ਲਈ ਪੁਲਿਸ ਨੇ ਹਫ਼ਤੇ ਦੌਰਾਨ ਚਾਰ CASO ਆਪਰੇਸ਼ਨ ਚਲਾਏ। ਇਨ੍ਹਾਂ ਤਹਿਤ ਨਸ਼ਿਆਂ ਦੇ ਗੜ੍ਹ ਮੰਨੇ ਜਾਂਦੇ ਇਲਾਕਿਆਂ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ 11 ਮਾਮਲੇ ਦਰਜ ਕਰਕੇ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਇਨ੍ਹਾਂ ਕਾਰਵਾਈਆਂ ਦੌਰਾਨ 175 ਗ੍ਰਾਮ ਹੈਰੋਇਨ, 330 ਗ੍ਰਾਮ ਅਫ਼ੀਮ ਅਤੇ 120 ਲੀਟਰ ਲਾਹਣ ਬਰਾਮਦ ਕੀਤੀ। ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਅਤੇ ਨਿਗਰਾਨੀ ਵੀ ਵਧਾਈ ਗਈ ਹੈ, ਤਾਂ ਜੋ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਿਆ ਜਾ ਸਕੇ।
ਨਾਜਾਇਜ਼ ਸ਼ਰਾਬ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਵੀ ਕਾਰਵਾਈ
ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਸਬੰਧੀ ਚਾਰ ਮਾਮਲੇ ਦਰਜ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ 27 ਹਜ਼ਾਰ ਲੀਟਰ ਨਾਜਾਇਜ਼ ਸ਼ਰਾਬ ਅਤੇ 160 ਲੀਟਰ ਲਾਹਣ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਵਿੱਚ ਇੱਕ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕੋਲੋਂ ਦੋ ਪਿਸਤੌਲ, ਦੋ ਮੈਗਜ਼ੀਨ ਅਤੇ 11 ਕਾਰਤੂਸ ਮਿਲੇ। ਇਸ ਤੋਂ ਇਲਾਵਾ ਪੁਲਿਸ ਨੇ ਚਾਰ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਮੁਲਜ਼ਮ ਕੋਲੋਂ ਮੋਬਾਈਲ ਫ਼ੋਨ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ।
42 ਮੀਟਿੰਗਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾਗਰੂਕ
SSP ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਮਕਸਦ ਨਾਲ ਪੁਲਿਸ ਅਧਿਕਾਰੀਆਂ ਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੰਚਾਇਤਾਂ, ਖੇਡ ਕਲੱਬਾਂ ਅਤੇ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ। ਹਫ਼ਤੇ ਦੌਰਾਨ ਗਜ਼ਟਿਡ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਕੁੱਲ 42 ਸੈਮੀਨਾਰ ਅਤੇ ਮੀਟਿੰਗਾਂ ਕਰਵਾਈਆਂ ਗਈਆਂ। ਇਨ੍ਹਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਗਈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਅਤੇ ਹੋਰ ਅਪਰਾਧੀਆਂ ਖ਼ਿਲਾਫ਼ ਮੁਹਿੰਮ ਅੱਗੇ ਵੀ ਜਾਰੀ ਰਹੇਗੀ।