Site icon Dainik Savera Punjab

Police Encounter: ਮੋਗਾ ‘ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋ ਪਿਸਤੌਲਾਂ ਅਤੇ ਪੰਜ ਕਾਰਤੂਸ ਬਰਾਮਦ

Moga: ਜ਼ਿਲ੍ਹੇ ਦੇ ਮੈਹਨਾ-ਨਥੂਵਾਲਾ ਲਿੰਕ ਰੋਡ ’ਤੇ ਪੁਲਿਸ ਅਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿਚਾਲੇ ਮੁਕਾਬਲਾ ਹੋ ਗਿਆ। ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਦੋਵੇਂ ਨੌਜਵਾਨਾਂ ਦੇ ਸੱਜੇ ਗੋਡਿਆਂ ਵਿੱਚ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਜ਼ਖ਼ਮੀ ਹੋ ਗਏ।

ਐੱਸਐੱਸਪੀ ਮੋਗਾ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਮੈਹਨਾ ਦੀ ਪੁਲਿਸ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਮੈਹਨਾ-ਨਥੂਵਾਲਾ ਲਿੰਕ ਰੋਡ ’ਤੇ ਮੌਜੂਦ ਸੀ ਤਾਂ ਨਥੂਵਾਲਾ ਵੱਲੋਂ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ।

ਪੁਲਿਸ ਨੂੰ ਦੇਖ ਕੇ ਨੌਜਵਾਨਾਂ ਨੇ ਰੁਕਣ ਦੀ ਬਜਾਏ ਮੋਟਰਸਾਈਕਲ ਵਾਪਸ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਉਨ੍ਹਾਂ ਦਾ ਮੋਟਰਸਾਈਕਲ ਤਿਲਕ ਕੇ ਡਿੱਗ ਪਿਆ। ਇਸ ਤੋਂ ਬਾਅਦ ਦੋਵਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇੱਕ ਗੋਲੀ ਪੁਲਿਸ ਦੀ ਗੱਡੀ ਨੂੰ ਲੱਗੀ, ਜਦਕਿ ਦੂਜੀ ਵਾਰ ਗੋਲੀ ਚਲਾਉਣ ਸਮੇਂ ਇੱਕ ਪਿਸਤੌਲ ਜਾਮ ਹੋ ਗਿਆ।

ਪੁਲਿਸ ਨੇ ਆਪਣੀ ਸੁਰੱਖਿਆ ਲਈ ਜਵਾਬੀ ਫਾਇਰਿੰਗ ਕੀਤੀ। ਇਸ ਦੌਰਾਨ ਇੱਕ ਹੋਰ ਗੋਲੀ ਪੁਲਿਸ ਵਾਹਨ ਵਿੱਚ ਲੱਗੀ, ਜਦਕਿ ਫਾਇਰਿੰਗ ਦੌਰਾਨ ਦੋਵੇਂ ਨੌਜਵਾਨਾਂ ਦੇ ਸੱਜੇ ਗੋਡਿਆਂ ਵਿੱਚ ਗੋਲੀਆਂ ਲੱਗ ਗਈਆਂ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖ਼ਲ ਕਰਵਾਇਆ।

ਜ਼ਖ਼ਮੀ ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਅੰਗਰੇਜ਼ ਸਿੰਘ, ਵਾਸੀ ਦਸ਼ਾਂਜ ਰੋਡ ਮੋਗਾ ਅਤੇ ਆਕਾਸ਼ਦੀਪ ਸਿੰਘ ਪੁੱਤਰ ਅਮਰੀਕ ਸਿੰਘ, ਵਾਸੀ ਧਰਮਕੋਟ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਕੋਲੋਂ .32 ਬੋਰ ਅਤੇ .30 ਬੋਰ ਦੇ ਦੋ ਪਿਸਤੌਲ, ਪੰਜ ਕਾਰਤੂਸ ਅਤੇ ਕਾਲੇ ਰੰਗ ਦਾ ਪਲਸਰ ਮੋਟਰਸਾਈਕਲ ਬਰਾਮਦ ਕੀਤਾ ਹੈ।

ਐੱਸਐੱਸਪੀ ਨੇ ਦੱਸਿਆ ਕਿ ਘਟਨਾ ਸਥਾਨ ਨੂੰ ਸੁਰੱਖਿਅਤ ਕਰਕੇ ਫੋਰੈਂਸਿਕ ਟੀਮ ਦੀ ਮਦਦ ਨਾਲ ਵਿਗਿਆਨਕ ਢੰਗ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਵਿੱਚੋਂ ਇੱਕ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਦੂਜੇ ਦੇ ਪਿਛਲੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

Exit mobile version