SAD BJP Alliance: ਮੋਗਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਦੀ ਖੁਸ਼ੀ ਵਿੱਚ ਕਰਵਾਇਆ ਗਿਆ ਲੱਡੂ ਵੰਡ ਸਮਾਗਮ ਵੱਡੇ ਇਕੱਠ ਵਿੱਚ ਤਬਦੀਲ ਹੋ ਗਿਆ। ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਢੋਲ ਦੀਆਂ ਧੁਨਾਂ ਵਿਚਕਾਰ ਲੱਡੂ ਵੰਡ ਕੇ ਇੱਕ-ਦੂਜੇ ਨੂੰ ਵਧਾਈ ਦਿੱਤੀ ਗਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ।
ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇੜੀਆਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਤਰਲੋਚਨ ਸਿੰਘ ਗਿੱਲ ਅਤੇ ਵਿਨੈ ਸ਼ਰਮਾ, ਸਾਬਕਾ ਡੀਜੀਪੀ ਪਰਮਦੀਪ ਸਿੰਘ ਗਿੱਲ, ਨਵਦੀਪ ਸਿੰਘ ਸੰਘਾ, ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਤੇ ਸਾਬਕਾ ਐੱਸਪੀ ਮੁਖਤਿਆਰ ਸਿੰਘ ਸਮੇਤ ਕਈ ਆਗੂ ਮੌਜੂਦ ਰਹੇ। ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫੂਵਾਲਾ ਅਤੇ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਨੇ ਵੀ ਸ਼ਿਰਕਤ ਕੀਤੀ।
ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਗਠਜੋੜ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬ ਦੇ ਭਾਈਚਾਰੇ ਅਤੇ ਹਿੰਦੂ-ਸਿੱਖ ਏਕਤਾ ਦੀ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸੂਬੇ ਦੀ ਆਰਥਿਕ ਅਤੇ ਸਮਾਜਿਕ ਸਥਿਤੀ ਕਮਜ਼ੋਰ ਹੋਈ ਹੈ। ਆਗੂਆਂ ਮੁਤਾਬਕ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਜ਼ਰੂਰੀ ਸੀ।
ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਪੁਰਾਣਾ ਅਤੇ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੱਲੋਂ 1996 ਵਿੱਚ ਰੱਖੀ ਗਈ ਗਠਜੋੜ ਦੀ ਨੀਂਹ ਨੂੰ ਮੁੜ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਇਹ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕਰਜ਼ੇ ਦੇ ਬੋਝ, ਨਸ਼ਾ ਤਸਕਰੀ, ਭ੍ਰਿਸ਼ਟਾਚਾਰ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ। ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਮੁੱਦਿਆਂ ’ਤੇ ਵੀ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਗਠਜੋੜ ਇਨ੍ਹਾਂ ਮਸਲਿਆਂ ਨੂੰ ਲੋਕਾਂ ਵਿਚਕਾਰ ਲੈ ਕੇ ਜਾਵੇਗਾ। ਉਨ੍ਹਾਂ ਨੇ ਹਲਕਾ ਮੋਗਾ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਸੁਖਬੀਰ ਸਿੰਘ ਬਾਦਲ, ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਅਤੇ ਪੰਜਾਬ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਦਾ ਭਰੋਸਾ ਜਤਾਇਆ।
ਸਮਾਗਮ ਵਿੱਚ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਗਠਜੋੜ ਨਾਲ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਜਸਵੀਰ ਸਿੰਘ ਸੋਨਾ ਡਰੋਲੀ ਭਾਈ, ਹਰਮਨ ਦੌਲਤਪੁਰਾ, ਬਲਕਾਰ ਸਿੰਘ ਮੰਗੇਵਾਲਾ, ਬਲਜਿੰਦਰ ਸਿੰਘ ਥੰਮਣਵਾਲਾ, ਪਵਨਦੀਪ ਸਿੰਘ ਘੱਲ ਕਲਾਂ, ਭੁਪਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ ਚੜਿੱਕ, ਗੁਰਚਰਨ ਸਿੰਘ ਕਾਲੀਏਵਾਲਾ, ਰੇਸ਼ਮ ਸਿੰਘ ਸਾਦਾ ਸਿੰਘਵਾਲਾ, ਰੁਪਿੰਦਰ ਸਿੰਘ ਨਿੱਕਾ ਦੁੱਨੇਕੇ ਅਤੇ ਹੋਰ ਕਈ ਵਰਕਰ ਮੌਜੂਦ ਸਨ। ਭਾਜਪਾ ਵੱਲੋਂ ਕੌਂਸਲਰ ਵਿੱਕੀ ਸਿਤਾਰਾ, ਹੇਮੰਤ ਸੂਦ, ਵਿਕਾਸ ਗਾਭਾ, ਰਾਜਿੰਦਰ ਕਾਲੜਾ ਕੋਟ ਈਸੇ ਖਾਂ ਅਤੇ ਵਰੁਣ ਭੱਲਾ ਸਮੇਤ ਹੋਰ ਆਗੂ ਵੀ ਪਹੁੰਚੇ। ਅੰਤ ਵਿੱਚ ਸਾਰਿਆਂ ਨੇ ਆਉਣ ਵਾਲੀਆਂ ਚੋਣਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ।

