ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ਲੋਕ-ਪੱਖੀ ਪਹਿਲਕਦਮੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਹੁਣ ਤੱਕ ਕੁੱਲ 5,10,807 ਸ਼ਰਧਾਲੂ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰ ਚੁੱਕੇ ਹਨ। ਸਰਕਾਰ ਦਾ ਮੁੱਖ ਮਨੋਰਥ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੇ ਚਾਹਵਾਨ ਬਜ਼ੁਰਗਾਂ ਨੂੰ ਸਨਮਾਨਜਨਕ ਢੰਗ ਨਾਲ ਮੁਫ਼ਤ ਸਫ਼ਰ ਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣਾ ਹੈ।
95 ਏ.ਸੀ. ਬੱਸਾਂ ਰਾਹੀਂ 12,485 ਗੇੜੇ ਕੀਤੇ ਮੁਕੰਮਲ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਵੇਲੇ ਸ਼ਰਧਾਲੂਆਂ ਦੀ ਆਵਾਜਾਈ ਲਈ 95 ਆਧੁਨਿਕ ਏ.ਸੀ. ਬੱਸਾਂ ਨਿਰੰਤਰ ਸੇਵਾਵਾਂ ਨਿਭਾਅ ਰਹੀਆਂ ਹਨ। ਇਨ੍ਹਾਂ ਬੱਸਾਂ ਰਾਹੀਂ ਹੁਣ ਤਕ ਕੁੱਲ 12,485 ਟੂਰ ਸਫ਼ਲਤਾਪੂਰਵਕ ਪੂਰੇ ਕੀਤੇ ਜਾ ਚੁੱਕੇ ਹਨ।
50 ਸਾਲ ਜਾਂ ਇਸਤੋਂ ਵੱਧ ਉਮਰ ਦੇ ਲੋਕ ਲੈ ਸਕਦੇ ਹਨ ਲਾਭ
ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਸੈਰ-ਸਪਾਟਾ ਵਿਭਾਗ ਨੇ ਸਪੱਸ਼ਟ ਕੀਤਾ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਰਜਿਸਟਰ ਕਰ ਸਕਦਾ ਹੈ ਅਤੇ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸ਼ਰਧਾਲੂਆਂ ਲਈ ਸ਼ਾਨਦਾਰ ਏ.ਸੀ. ਬੱਸਾਂ ਪ੍ਰਦਾਨ ਕੀਤੀਆਂ ਹਨ। ਯਾਤਰਾ ਦਾ ਪ੍ਰਬੰਧ ਸਲੀਪਰ ਬੱਸਾਂ ਰਾਹੀਂ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਉਨ੍ਹਾਂ ਦੀ ਰਿਹਾਇਸ਼, ਸਾਫ਼ ਭੋਜਨ ਤੇ ਲੰਗਰ ਸੇਵਾਵਾਂ ਦਾ ਸਾਰਾ ਖ਼ਰਚਾ ਸਹਿਣ ਕਰਦੀ ਹੈ। 12 ਅਗਸਤ, 2026 ਨੂੰ, ਇਸ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਕੇ ਸ਼੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਧਾਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਵਰਗੇ ਪਵਿੱਤਰ ਧਾਰਮਿਕ ਸਥਾਨਾਂ ਨੂੰ ਸ਼ਾਮਲ ਕੀਤਾ ਹੈ।
ਮੈਡੀਕਲ ਟੀਮਾਂ ਤਾਇਨਾਤ, ਸਖ਼ਤ ਸੈਨੀਟੇਸ਼ਨ ਅਤੇ ਸੁਰੱਖਿਆ ਪ੍ਰਬੰਧ ਕੀਤੇ
ਸ਼ਰਧਾਲੂਆਂ ਦੀ ਸੁਰੱਖਿਆ, ਸਿਹਤ ਅਤੇ ਆਰਾਮ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬੱਸ ‘ਚ ਮੈਡੀਕਲ ਸਟਾਫ ਦੀ ਇੱਕ ਟੀਮ ਬਣਾਈ ਗਈ ਹੈ, ਜੋ ਐਮਰਜੈਂਸੀ ਦੀ ਸਥਿਤੀ ‘ਚ ਸ਼ਰਧਾਲੂਆਂ ਦੀ ਦੇਖਭਾਲ ਕਰਦੀ ਹੈ। ਇਸ ਤੋਂ ਇਲਾਵਾ, ਯਾਤਰਾ ਦੇ ਵੱਖ-ਵੱਖ ਪੜਾਵਾਂ ‘ਤੇ ਸ਼ਰਧਾਲੂਆਂ ਦੀ ਸਹਾਇਤਾ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸਾਫ਼-ਸੁਥਰੇ ਬਾਥਰੂਮਾਂ ਦੇ ਨਾਲ ਰਿਹਾਇਸ਼ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।
ਸਾਰਿਆਂ ਲਈ ਬਰਾਬਰ ਅਧਿਕਾਰ
ਵਿਭਾਗ ਦਾ ਕਹਿਣਾ ਹੈ ਕਿ ਯਾਤਰਾ ਦੌਰਾਨ ਸ਼ਰਧਾਲੂ ਪੂਰੀ ਤਰ੍ਹਾਂ ਸੰਤੁਸ਼ਟ ਦਿਖਾਈ ਦਿੰਦੇ ਹਨ ਅਤੇ ਬੱਸਾਂ ਵਿੱਚ ਸ਼ਬਦ ਤੇ ਭਜਨ ਗਾ ਕੇ ਅਧਿਆਤਮਿਕ ਆਨੰਦ ਮਾਣਦੇ ਹਨ। ਪੰਜਾਬ ਸਰਕਾਰ ਪ੍ਰਾਰਥਨਾ ਕਰਦੀ ਹੈ ਕਿ ਹਰ ਸ਼ਰਧਾਲੂ ਦਰਗਾਹ ਦੇ ਦਰਸ਼ਨ ਕਰਨ ਤੋਂ ਬਾਅਦ ਸ਼ਾਂਤੀਪੂਰਵਕ ਘਰ ਵਾਪਸ ਆਵੇ। ਯਾਤਰਾ ਪੂਰੀ ਹੋਣ ‘ਤੇ, ਸ਼ਰਧਾਲੂਆਂ ਨੂੰ ਇਸ ਯਾਦਗਾਰੀ ਯਾਤਰਾ ਦੀ ਯਾਦਗਾਰ ਵਜੋਂ ਪਵਿੱਤਰ ਪ੍ਰਸ਼ਾਦ ਵਾਲਾ ਪਿੱਤਲ ਦਾ ਗਲਾਸ ਦਿੱਤਾ ਗਿਆ।
ਵਿਭਾਗ ਅਨੁਸਾਰ ਇਹ ਯੋਜਨਾ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਵਰਗਾਂ, ਜਾਤਾਂ, ਧਰਮਾਂ ਅਤੇ ਖੇਤਰਾਂ ਦੇ ਲੋਕਾਂ ਲਈ ਖੁੱਲ੍ਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕੋਈ ਅਸੁਵਿਧਾ ਨਾ ਹੋਵੇ ਅਤੇ ਯਾਤਰਾ ਪੂਰੀ ਪਾਰਦਰਸ਼ਤਾ ਅਤੇ ਆਸਾਨੀ ਨਾਲ ਕੀਤੀ ਜਾਵੇ।
