Site icon Dainik Savera Punjab

National Newborn Care Week: ਨਵਜੰਮੇ ਬੱਚਿਆਂ ਦੀ ਸਿਹਤ ਅਤੇ ਸੰਭਾਲ ਪ੍ਰਤੀ ਜਾਗਰੂਕਤਾ ਵਧਾਉਣ ਲਈ ਹਰ ਸਾਲ ਮਨਾਇਆ ਜਾਂਦਾ ਹੈ ਰਾਸ਼ਟਰੀ ਨਵਜਾਤ ਦਿਵਸ

National Newborn Care Week: ਦੇਸ਼ ਭਰ ਵਿੱਚ ਹਰ ਸਾਲ 15 ਤੋਂ 21 ਨਵੰਬਰ ਤੱਕ ਰਾਸ਼ਟਰੀ ਨਵਜੰਮੇ ਬੱਚਿਆਂ ਦੀ ਦੇਖਭਾਲ ਹਫ਼ਤਾ ਮਨਾਇਆ ਜਾਂਦਾ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਨਵਜੰਮੇ ਬੱਚਿਆਂ ਦੀ ਸਹੀ ਸੰਭਾਲ, ਉਨ੍ਹਾਂ ਦੀ ਸਿਹਤ ਅਤੇ ਪੋਸ਼ਣ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਬੱਚਿਆਂ ਦੀ ਮੌਤ ਦਰ ਘਟਾਉਣ ਲਈ ਜ਼ਰੂਰੀ ਕਦਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਦੀ ਸ਼ੁਰੂਆਤ ਸਾਲ 2000 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੱਲੋਂ ਕੀਤੀ ਗਈ ਸੀ।

ਇਸ ਹਫ਼ਤੇ ਦੌਰਾਨ ਸਿਹਤ ਵਿਭਾਗ ਅਤੇ ਵੱਖ-ਵੱਖ ਮੈਡੀਕਲ ਸੰਸਥਾਵਾਂ ਵੱਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਨ੍ਹਾਂ ਵਿੱਚ ਨਵਜੰਮੇ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਦੇਣ, ਸਫ਼ਾਈ ਰੱਖਣ, ਸਮੇਂ ਸਿਰ ਟੀਕਾਕਰਨ ਕਰਵਾਉਣ ਅਤੇ ਮਾਂ ਦਾ ਦੁੱਧ ਪਿਲਾਉਣ ਦੀ ਮਹੱਤਤਾ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ।

ਰਾਸ਼ਟਰੀ ਨਵਜੰਮੇ ਬੱਚਿਆਂ ਦੀ ਦੇਖਭਾਲ ਹਫ਼ਤੇ ਦੀ ਸ਼ੁਰੂਆਤ ਬਾਲ ਦਿਵਸ ਤੋਂ ਅਗਲੇ ਦਿਨ ਹੁੰਦੀ ਹੈ। ਇਸ ਤੋਂ ਪਹਿਲਾਂ ਹਰ ਸਾਲ 7 ਨਵੰਬਰ ਨੂੰ ‘ਸ਼ਿਸ਼ੂ ਸੁਰੱਖਿਆ ਦਿਵਸ’ ਮਨਾਇਆ ਜਾਂਦਾ ਹੈ। ਇਸ ਦਿਨ ਦਾ ਮਕਸਦ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਦੇਖਭਾਲ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਦੇ ਤਰੀਕਿਆਂ ਬਾਰੇ ਦੱਸਣਾ ਹੈ।

ਸ਼ਿਸ਼ੂ ਸੁਰੱਖਿਆ ਦਿਵਸ ਦਾ ਮੁੱਖ ਉਦੇਸ਼ ਬੱਚਿਆਂ ਨੂੰ ਬਿਹਤਰ ਸਿਹਤ ਸਹੂਲਤਾਂ, ਸੰਤੁਲਿਤ ਪੋਸ਼ਣ ਅਤੇ ਲੋੜੀਂਦੇ ਟੀਕੇ ਮੁਹੱਈਆ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ, ਤਾਂ ਜੋ ਬਾਲ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ। ਇਸ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1990 ਦੇ ਦਹਾਕੇ ਵਿੱਚ ਯੂਰਪੀ ਦੇਸ਼ਾਂ ਵਿੱਚ ਹੋਈ ਸੀ, ਜਿਸ ਤੋਂ ਬਾਅਦ ਇਹ ਵਿਸ਼ਵ ਪੱਧਰ ‘ਤੇ ਮਨਾਇਆ ਜਾਣ ਲੱਗਾ।

ਇਸ ਮੌਕੇ ਵੱਖ-ਵੱਖ ਜਾਗਰੂਕਤਾ ਸਮਾਗਮਾਂ ਰਾਹੀਂ ਮਾਪਿਆਂ ਨੂੰ ਸਮਝਾਇਆ ਜਾਂਦਾ ਹੈ ਕਿ ਬੱਚੇ ਦੇ ਜਨਮ ਦੇ ਨਾਲ ਹੀ ਉਸ ਦੀ ਸਿਹਤ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਵੀ ਸ਼ੁਰੂ ਹੋ ਜਾਂਦੀ ਹੈ। ਬੱਚੇ ਦੇ ਸਿਹਤਮੰਦ ਭਵਿੱਖ ਲਈ ਸ਼ੁਰੂਆਤੀ ਦਿਨਾਂ ਤੋਂ ਹੀ ਉਸ ਦੀ ਸਹੀ ਦੇਖਭਾਲ ਕਰਨੀ ਬਹੁਤ ਜ਼ਰੂਰੀ ਹੈ।

ਇਨ੍ਹਾਂ ਪ੍ਰੋਗਰਾਮਾਂ ਵਿੱਚ ਬੱਚਿਆਂ ਨੂੰ ਨਿਰਧਾਰਤ ਸਮੇਂ ‘ਤੇ ਟੀਕੇ ਲਗਵਾਉਣ, ਵਿਟਾਮਿਨ ‘ਏ’ ਦੀ ਖੁਰਾਕ ਦੇਣ ਅਤੇ ਉਨ੍ਹਾਂ ਨੂੰ ਲੋੜੀਂਦਾ ਸੰਤੁਲਿਤ ਪੋਸ਼ਣ ਮੁਹੱਈਆ ਕਰਵਾਉਣ ‘ਤੇ ਖ਼ਾਸ ਜ਼ੋਰ ਦਿੱਤਾ ਜਾਂਦਾ ਹੈ। ਸਾਲ 2011 ਦੀ ਜਨਗਣਨਾ ਮੁਤਾਬਕ ਭਾਰਤ ਦੀ ਕੁੱਲ ਆਬਾਦੀ ਵਿੱਚ 0 ਤੋਂ 6 ਸਾਲ ਦੀ ਉਮਰ ਵਾਲੇ ਬੱਚਿਆਂ ਦੀ ਹਿੱਸੇਦਾਰੀ 13 ਫ਼ੀਸਦੀ ਤੋਂ ਵੱਧ ਸੀ, ਜਦਕਿ 0 ਤੋਂ 14 ਸਾਲ ਦੇ ਬੱਚੇ ਕੁੱਲ ਆਬਾਦੀ ਦਾ 30.76 ਫ਼ੀਸਦੀ ਸਨ।

Exit mobile version