Site icon Dainik Savera Punjab

Parali Management: ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ 16 ਹਜ਼ਾਰ ਤੋਂ ਵੱਧ ਮਸ਼ੀਨਾਂ ਖਰੀਦੀਆਂ ਗਈਆਂ, ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ: ਪ੍ਰਭਬੀਰ ਸਿੰਘ ਬਰਾੜ

Parali Management: ਅੰਮ੍ਰਿਤਸਰ। ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਅਤੇ ਵਾਤਾਵਰਣ ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ PUNSUP ਦੇ ਚੇਅਰਮੈਨ ਸ. ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਹੁਣ ਤੱਕ ਸੂਬੇ ਦੇ ਕਿਸਾਨਾਂ ਨੇ 16,227 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (CRM) ਮਸ਼ੀਨਾਂ ਖਰੀਦੀਆਂ ਹਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਖਰੀਦ ਲਈ ਕਿਸਾਨਾਂ ਨੂੰ 183 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਲਈ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।

ਸਰਦਾਰ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ CRM ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ, ਜਦਕਿ ਕਸਟਮ ਹਾਇਰਿੰਗ ਸੈਂਟਰਾਂ (CHCs), FPOs, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਯਤਨਾਂ ਅਤੇ ਕਿਸਾਨਾਂ ਦੇ ਸਹਿਯੋਗ ਸਦਕਾ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਦਰਜ ਕੀਤੀ ਗਈ ਹੈ।

ਸਾਲ 2022 ਵਿੱਚ ਪਰਾਲੀ ਸਾੜਨ ਦੇ 49,922 ਮਾਮਲੇ ਦਰਜ ਕੀਤੇ ਗਏ ਸਨ, ਜੋ ਸਾਲ 2025 ਵਿੱਚ ਘਟ ਕੇ 5,114 ਰਹਿ ਗਏ। ਇਸ ਤਰ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਭਗ 90 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪੰਜਾਬ ਵੱਲੋਂ ਅਪਣਾਈ ਗਈ ਰਣਨੀਤੀ ਨੂੰ ਕੌਮੀ ਪੱਧਰ ’ਤੇ ਵੀ ਮਾਨਤਾ ਮਿਲੀ ਹੈ।

PUNSUP ਦੇ ਚੇਅਰਮੈਨ ਨੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਅਤੇ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਵਿਗਿਆਨਕ ਪ੍ਰਬੰਧਨ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਵਿੱਚ ਮਦਦ ਕਰੇਗਾ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਲੰਬੇ ਸਮੇਂ ਤੱਕ ਖੇਤੀਬਾੜੀ ਨੂੰ ਟਿਕਾਊ ਬਣਾਉਣ ਵਿੱਚ ਵੀ ਸਹਾਇਕ ਹੋਵੇਗਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਅਤੇ ਆਧੁਨਿਕ ਖੇਤੀਬਾੜੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਦੇ ਸਰਕਾਰੀ ਯਤਨਾਂ ਵਿੱਚ ਸਰਗਰਮੀ ਨਾਲ ਸਹਿਯੋਗ ਦੇਣ।

Exit mobile version