Parvinder Singh Jhota Murder Case : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨੇ ਪੰਜਾਬ ਦੀ ਸਿਆਸਤ ਨੂੰ ਪੂਰੀ ਤਰ੍ਹਾਂ ਭਖਾਇਆ ਹੋਇਆ ਹੈ। ਨਸ਼ਿਆਂ ਦਾ ਵਿਰੋਧ ਕਰਨ ਨੂੰ ਲੈ ਕੇ ਮਾਰੇ ਗਏ ਤਿੰਨ ਲੋਕਾਂ ਨੂੰ ਇਨਸਾਫ਼ ਦਿਵਾਉਣ ਨੂੰ ਲੈ ਕੇ ਚੱਲ ਰਹੀ ਜੰਗ ਵਿਚਾਲੇ ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਐਨ ਪਹਿਲਾਂ ਸੀਬੀਆਈ ਜਾਂਚ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਹੈ।
ਜਾਣਕਾਰੀ ਅਨੁਸਾਰ, ਪੀੜਤ ਪਰਿਵਾਰ ਅਤੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਲਾਇਆ ਹੋਇਆ ਸੀ ਅਤੇ ਅੱਜ ਧਰਨੇ ਦਾ 9ਵਾਂ ਦਿਨ ਸੀ। ਨਾਲ ਹੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਜਾਣੀ ਸੀ। ਪਰੰਤੂ ਪੰਜਾਬ ਸਰਕਾਰ ਨੇ ਲੋਕਾਂ ਦੇ ਰੋਹ ਅਤੇ ਅਮਿਤ ਸ਼ਾਹ ਦੇ ਦੌਰੇ ਤੋਂ ਪਹਿਲਾਂ ਸੀਬੀਆਈ ਜਾਂਚ ਕਰਵਾਉਣ ਦੀ ਗੱਲ ਮਨਜੂਰ ਕਰ ਲਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਐਕਸ (ਟਵਿੱਟਰ) ‘ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ, ”ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ…ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ…।”
ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਰਕਾਰ ਦੀ ਇਹ ਲੜਾਈ ਆਰ-ਪਾਰ ਦੀ ਹੈ ਅਤੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ।
ਨਸ਼ਿਆਂ ਖਿਲਾਫ਼ ਲੜ ਰਹੇ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡੱਟ ਕੇ ਖੜ੍ਹੇ ਹਾਂ… ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ, ਅਸੀਂ ਇਹ ਕੇਸ CBI ਨੂੰ ਸੌਂਪ ਰਹੇ ਹਾਂ… ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ… ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਸਾਨੂੰ ਜੋ ਵੀ ਸਖ਼ਤ ਕਦਮ ਚੁੱਕਣਾ ਪਿਆ, ਅਸੀਂ ਪਿੱਛੇ ਨਹੀਂ ਹਟਾਂਗੇ…— Bhagwant Mann (@BhagwantMann) October 20, 2026
ਪਰਿਵਾਰ ਨੇ ਸਰਕਾਰ ਅੱਗੇ ਰੱਖੀਆਂ ਸਨ ਮੰਗਾਂ
ਦੱਸ ਦੇਈਏ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਕੋਲੋਂ ਵੀ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਕਤਲ ਦੇ ਸਾਰੇ ਮੁਲਜ਼ਮਾਂ ਖਿਲਾਫ਼ ਬਾਏ ਨੇਮ ਪਰਚਾ ਦਰਜ ਕਰਨ, ‘ਆਪ’ ਵਿਧਾਇਕ ਵਿਜੇ ਸਿੰਗਲਾ ਦਾ ਨਾਮ ਦਰਜ ਕਰਨ ਸਮੇਤ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ।


