skip to content

Last Updated: October 14, 2026

Dainik Savera Times Logo

Parvinder Singh Murder Case: ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਦੇ ਕਤਲ ’ਤੇ ਐਡਵੋਕੇਟ ਧਾਮੀ ਨੇ ਜਤਾਈ ਚਿੰਤਾ, ਇਸ ਨੂੰ ਦੱਸਿਆ ਮੰਦਭਾਗਾ ਘਟਨਾ।

13 hours ਪਹਿਲਾ

Parvinder Singh Murder Case: ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਦੇ ਕਤਲ ’ਤੇ ਐਡਵੋਕੇਟ ਧਾਮੀ ਨੇ ਜਤਾਈ ਚਿੰਤਾ, ਇਸ ਨੂੰ ਦੱਸਿਆ ਮੰਦਭਾਗਾ ਘਟਨਾ।

Parvinder Singh Murder: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਸ. ਪਰਵਿੰਦਰ ਸਿੰਘ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਅਤੇ ਚਿੰਤਾਜਨਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨ ਕਰਨ ਵਾਲੇ ਨੌਜਵਾਨ ਦੀ ਇਸ ਤਰ੍ਹਾਂ ਹੱਤਿਆ ਹੋਣਾ ਸਮੁੱਚੇ ਸਮਾਜ ਲਈ ਦੁਖਦਾਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਗੁਰੂਆਂ ਦੀ ਪਵਿੱਤਰ ਧਰਤੀ ਪੰਜਾਬ ’ਤੇ ਗੁਰੂ ਸਾਹਿਬਾਨ ਨੇ ਹਮੇਸ਼ਾ ਮਨੁੱਖਤਾ ਨੂੰ ਚੰਗੇ ਆਚਰਨ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਹੈ। ਅਜਿਹੇ ਵਿੱਚ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦਿਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।

ਐਡਵੋਕੇਟ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਵਿਗੜ ਰਹੀ ਸਥਿਤੀ ਦਾ ਗੰਭੀਰ ਨੋਟਿਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ, ਤਾਂ ਜੋ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋ ਸਕੇ। ਉਨ੍ਹਾਂ ਅਨੁਸਾਰ, ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਸਰਕਾਰ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਉਣਾ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮਕਸਦ ਲਈ ਸਰਕਾਰੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਦੇ ਨਾਲ-ਨਾਲ ਹਰੇਕ ਨਾਗਰਿਕ ਨੂੰ ਵੀ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਇਸ ਬੁਰਾਈ ਨੂੰ ਰੋਕਣ ਲਈ ਸਾਂਝੇ ਯਤਨ ਸਮੇਂ ਦੀ ਲੋੜ ਹਨ।

ਅੰਤ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਦੀ ਇਸ ਘੜੀ ਵਿੱਚ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.