Last Updated: November 20, 2026

Dainik Savera Times Logo

Bhakra Canal Bridge Collapse: ਭਾਖੜਾ ਨਹਿਰ ‘ਤੇ ਪੁਲ ਡਿੱਗਣ ਮਗਰੋਂ ਪ੍ਰਸ਼ਾਸਨ ਹਰਕਤ ‘ਚ, ਟ੍ਰੈਫਿਕ ਡਾਇਵਰਟ ਕਰਨ ਅਤੇ ਨਹਿਰ ‘ਚ ਪਾਣੀ ਦੀ ਸਪਲਾਈ ਬਹਾਲ ਕਰਨ ਦੇ ਹੁਕਮ

20 November 2026 ਅੱਪਡੇਟ ਕੀਤਾ ਗਿਆ

Bhakra Canal Bridge Collapse: ਭਾਖੜਾ ਨਹਿਰ ‘ਤੇ ਪੁਲ ਡਿੱਗਣ ਮਗਰੋਂ ਪ੍ਰਸ਼ਾਸਨ ਹਰਕਤ ‘ਚ, ਟ੍ਰੈਫਿਕ ਡਾਇਵਰਟ ਕਰਨ ਅਤੇ ਨਹਿਰ ‘ਚ ਪਾਣੀ ਦੀ ਸਪਲਾਈ ਬਹਾਲ ਕਰਨ ਦੇ ਹੁਕਮ

Patiala Bridge Collapse: ਪਟਿਆਲਾ ਬਾਈਪਾਸ ’ਤੇ ਐੱਨਐੱਚ-7 (NH-7) ਉਪਰ ਭਾਖੜਾ ਮੇਨ ਲਾਈਨ ਨਹਿਰ ’ਤੇ ਬਣਿਆ ਸਟੀਲ ਟਰੱਸ ਪੁਲ ਡਿੱਗਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਿਤੀ ਨੂੰ ਸੰਭਾਲਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਹਾਦਸੇ ਕਾਰਨ ਪੁਲ ਦਾ ਮਲਬਾ ਨਹਿਰ ਵਿੱਚ ਜਾ ਡਿੱਗਿਆ, ਜਿਸ ਨਾਲ ਆਵਾਜਾਈ ਨੂੰ ਸੁਚਾਰੂ ਰੱਖਣ ਅਤੇ ਪਾਣੀ ਦੀ ਸਪਲਾਈ ਜਾਰੀ ਰੱਖਣ ਦੀ ਚੁਣੌਤੀ ਪੈਦਾ ਹੋ ਗਈ ਹੈ। ਇਸ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਨੂੰ ਜ਼ਰੂਰੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੇ ਚੇਅਰਪਰਸਨ ਹਿਮਾਂਸ਼ੂ ਜੈਨ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਹਾਲਾਤ ਵਿੱਚ ਲੋਕਾਂ ਦੀ ਸੁਰੱਖਿਆ, ਟ੍ਰੈਫਿਕ ਦਾ ਪ੍ਰਬੰਧ ਅਤੇ ਨਹਿਰ ਵਿੱਚ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਹਾਦਸੇ ਵਾਲੀ ਥਾਂ ਦੇ ਆਲੇ-ਦੁਆਲੇ ਬੈਰੀਕੇਡਿੰਗ ਕਰਵਾਉਣ ਅਤੇ ਇਲਾਕੇ ਨੂੰ ਸੁਰੱਖਿਅਤ ਬਣਾਉਣ ਦੀ ਜ਼ਿੰਮੇਵਾਰੀ ਪਟਿਆਲਾ ਦੇ ਐੱਸਐੱਸਪੀ ਨੂੰ ਦਿੱਤੀ ਗਈ ਹੈ।

ਪੁਲ ਬੰਦ ਹੋਣ ਕਾਰਨ ਵਾਹਨ ਚਾਲਕਾਂ ਨੂੰ ਆਉਣ-ਜਾਣ ਵਿੱਚ ਦਿੱਕਤ ਨਾ ਆਵੇ, ਇਸ ਲਈ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੂੰ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਨ ਲਈ ਕਿਹਾ ਗਿਆ ਹੈ। ਇਸ ਵਿੱਚ ਬਦਲਵੇਂ ਰਸਤਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਐੱਸਡੀਐੱਮ ਪਟਿਆਲਾ ਨੂੰ ਟ੍ਰੈਫਿਕ ਪੁਲਿਸ ਦੇ ਡੀਐੱਸਪੀ ਨਾਲ ਤਾਲਮੇਲ ਕਰਕੇ ਵਾਹਨਾਂ ਦੇ ਰੂਟ ਬਦਲਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਪੁਲ ਦੇ ਨੇੜੇ ਜਾਮ ਦੀ ਸਥਿਤੀ ਨਾ ਬਣੇ।

ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (NHAI) ਨੂੰ ਡਾਇਵਰਸ਼ਨ ਵਾਲੇ ਰਸਤਿਆਂ ’ਤੇ ਲੋੜੀਂਦੇ ਸਾਈਨ ਬੋਰਡ ਲਗਾਉਣ ਅਤੇ ਰੌਸ਼ਨੀ ਦਾ ਢੁੱਕਵਾਂ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ। ਇਸ ਤੋਂ ਇਲਾਵਾ ਰੀਜਨਲ ਟਰਾਂਸਪੋਰਟ ਅਥਾਰਟੀ (RTA) ਦੇ ਸਕੱਤਰ ਨੂੰ ਐੱਨਐੱਚ-7 ਅਤੇ ਬਦਲਵੇਂ ਰੂਟਾਂ ’ਤੇ ਓਵਰਲੋਡ ਵਾਹਨਾਂ ਦੀ ਵਿਸ਼ੇਸ਼ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਨੂੰ ਹਰ ਰੋਜ਼ ਕੀਤੀ ਗਈ ਕਾਰਵਾਈ ਦੀ ਰਿਪੋਰਟ ਵੀ ਪ੍ਰਸ਼ਾਸਨ ਕੋਲ ਜਮ੍ਹਾਂ ਕਰਵਾਉਣੀ ਪਵੇਗੀ।

ਨਹਿਰ ਵਿੱਚ ਡਿੱਗੇ ਪੁਲ ਦੇ ਮਲਬੇ ਨੂੰ ਹਟਾਉਣ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਡੀਸੀ ਨੇ ਐੱਨਐੱਚਏਆਈ ਦੇ ਪ੍ਰੋਜੈਕਟ ਡਾਇਰੈਕਟਰ ਨੂੰ ਜਲ ਸਰੋਤ ਵਿਭਾਗ ਦੀ ਨਿਗਰਾਨੀ ਹੇਠ ਇਹ ਕੰਮ ਕਰਵਾਉਣ ਲਈ ਕਿਹਾ ਹੈ। ਮਲਬਾ ਹਟਾਉਂਦੇ ਸਮੇਂ ਖ਼ਾਸ ਸਾਵਧਾਨੀ ਵਰਤਣ ਦੇ ਨਿਰਦੇਸ਼ ਹਨ, ਤਾਂ ਜੋ ਭਾਖੜਾ ਮੇਨ ਲਾਈਨ ਨਹਿਰ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਨਾ ਹੋਵੇ। ਇਸ ਦੇ ਨਾਲ ਹੀ ਪੁਲ ਨਾਲ ਸਬੰਧਤ ਸਾਰੇ ਦਸਤਾਵੇਜ਼ ਅਤੇ ਰਿਕਾਰਡ ਸੰਭਾਲ ਕੇ ਰੱਖਣ ਲਈ ਕਿਹਾ ਗਿਆ ਹੈ, ਜਿਨ੍ਹਾਂ ਦੀ ਵਰਤੋਂ ਸੂਬਾ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਮਾਹਿਰਾਂ ਦੀ ਜਾਂਚ ਦੌਰਾਨ ਕੀਤੀ ਜਾਵੇਗੀ।

ਡੀਸੀ ਹਿਮਾਂਸ਼ੂ ਜੈਨ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਣੇ ਪੱਧਰ ’ਤੇ ਕਾਰਵਾਈ ਛੇਤੀ ਮੁਕੰਮਲ ਕਰਨ ਅਤੇ ਇਸ ਦੀ ਰਿਪੋਰਟ ਡੀਸੀ ਦਫ਼ਤਰ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਹਾਦਸੇ ਵਾਲੀ ਥਾਂ ਦੀ ਸੁਰੱਖਿਆ, ਆਵਾਜਾਈ ਲਈ ਬਦਲਵੇਂ ਰਸਤੇ, ਓਵਰਲੋਡ ਵਾਹਨਾਂ ਦੀ ਜਾਂਚ ਅਤੇ ਨਹਿਰ ਵਿੱਚ ਪਾਣੀ ਦੀ ਸਪਲਾਈ ਨੂੰ ਬਿਨਾਂ ਰੁਕਾਵਟ ਜਾਰੀ ਰੱਖਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.