Last Updated: November 19, 2026

Dainik Savera Times Logo

PM Modi Statement: ਸਰੋਤਾਂ ਦੀ ਹਥਿਆਰ ਵਜੋਂ ਵਰਤੋਂ ਹੋਣ ਵਿਚਾਲੇ ਉਦਯੋਗਾਂ ਨੂੰ ਘਰੇਲੂ ਪੱਧਰ ’ਤੇ ਸਮਰੱਥਾ ਵਿਕਸਿਤ ਕਰਨ ’ਤੇ ਧਿਆਨ ਦੇਣਾ ਚਾਹੀਦਾ ਹੈ

19 November 2026 ਅੱਪਡੇਟ ਕੀਤਾ ਗਿਆ

PM Modi Statement: ਸਰੋਤਾਂ ਦੀ ਹਥਿਆਰ ਵਜੋਂ ਵਰਤੋਂ ਹੋਣ ਵਿਚਾਲੇ ਉਦਯੋਗਾਂ ਨੂੰ ਘਰੇਲੂ ਪੱਧਰ ’ਤੇ ਸਮਰੱਥਾ ਵਿਕਸਿਤ ਕਰਨ ’ਤੇ ਧਿਆਨ ਦੇਣਾ ਚਾਹੀਦਾ ਹੈ

Domestic Manufacturing: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਉਦਯੋਗ ਜਗਤ ਨੂੰ ਦੇਸ਼ ਵਿੱਚ ਉਤਪਾਦਨ ਸਮਰੱਥਾ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਦੁਨੀਆ ਦੇ ਕਈ ਹਿੱਸਿਆਂ ਵਿੱਚ ਸਰੋਤਾਂ ਦੀ ਵਰਤੋਂ ਹਥਿਆਰ ਵਜੋਂ ਕੀਤੀ ਜਾ ਰਹੀ ਹੈ। ਅਜਿਹੇ ਹਾਲਾਤਾਂ ਵਿੱਚ ਭਾਰਤੀ ਉਦਯੋਗਾਂ ਨੂੰ ਘਰੇਲੂ ਪੱਧਰ ‘ਤੇ ਆਪਣੀ ਸਮਰੱਥਾ ਵਿਕਸਿਤ ਕਰਨ ਅਤੇ ਅਹਿਮ ਖੇਤਰਾਂ ਵਿੱਚ ਆਤਮਨਿਰਭਰ ਬਣਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਹ ਫਿੱਕੀ ਦੀ ਸਾਲਾਨਾ ਆਮ ਬੈਠਕ ਅਤੇ ਸਾਲਾਨਾ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਪ੍ਰਧਾਨ ਮੰਤਰੀ ਨੇ ਫਿੱਕੀ ਦੇ 100 ਸਾਲ ਪੂਰੇ ਹੋਣ ‘ਤੇ ਸੰਸਥਾ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਸੰਸਥਾ ਦਾ ਇੱਕ ਸਦੀ ਤੱਕ ਸਰਗਰਮ ਰਹਿਣਾ, ਬਦਲਦੇ ਸਮੇਂ ਦੇ ਨਾਲ ਆਪਣੇ ਆਪ ਨੂੰ ਢਾਲਣਾ ਅਤੇ ਦੇਸ਼ ਦੀ ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਂਦੇ ਰਹਿਣਾ ਵੱਡੀ ਪ੍ਰਾਪਤੀ ਹੈ। ਉਨ੍ਹਾਂ ਮੁਤਾਬਕ ਇਹ ਮੌਕਾ ਸਿਰਫ਼ ਜਸ਼ਨ ਮਨਾਉਣ ਦਾ ਹੀ ਨਹੀਂ, ਸਗੋਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਸੋਚਣ ਦਾ ਵੀ ਹੈ।

PM ਮੋਦੀ ਨੇ ਕਿਹਾ ਕਿ ਤਰੱਕੀ ਦੇ ਰਾਹ ‘ਤੇ ਅੱਗੇ ਵਧਣ ਦੇ ਨਾਲ-ਨਾਲ ਸਮੇਂ-ਸਮੇਂ ‘ਤੇ ਆਤਮ-ਮੰਥਨ ਕਰਨਾ ਵੀ ਜ਼ਰੂਰੀ ਹੈ। ਇਹ ਗੱਲ ਵਿਅਕਤੀਆਂ ਦੇ ਨਾਲ-ਨਾਲ ਉਦਯੋਗਾਂ ਅਤੇ ਪੂਰੇ ਦੇਸ਼ ‘ਤੇ ਵੀ ਲਾਗੂ ਹੁੰਦੀ ਹੈ। ਉਨ੍ਹਾਂ ਉਦਯੋਗਿਕ ਖੇਤਰ ਨੂੰ ਅਪੀਲ ਕੀਤੀ ਕਿ ਉਹ ਅਗਲੇ 20 ਸਾਲਾਂ ਦੇ ਟੀਚੇ ਤੈਅ ਕਰਨ ਅਤੇ ਇਹ ਯਕੀਨੀ ਬਣਾਉਣ ਕਿ 2047 ਤੱਕ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਕੀ ਭੂਮਿਕਾ ਹੋਵੇਗੀ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਦੇ ਉਤਪਾਦਾਂ ਅਤੇ ਸਰੋਤਾਂ ਦੀ ਰਾਸ਼ਟਰੀ ਹੀ ਨਹੀਂ, ਸਗੋਂ ਅੰਤਰਰਾਸ਼ਟਰੀ ਪੱਧਰ ‘ਤੇ ਵੀ ਮੰਗ ਹੈ, ਭਾਰਤੀ ਉਦਯੋਗਾਂ ਨੂੰ ਉਨ੍ਹਾਂ ਵਿੱਚ ਆਪਣੀ ਪਕੜ ਮਜ਼ਬੂਤ ਕਰਨੀ ਚਾਹੀਦੀ ਹੈ। ਫਾਰਮਾ ਸੈਕਟਰ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਦੁਨੀਆ ਦੀ ਫਾਰਮੇਸੀ ਮੰਨਿਆ ਜਾਂਦਾ ਹੈ, ਪਰ ਇਸ ਦੇ ਬਾਵਜੂਦ ਦੇਸ਼ ਹਰ ਸਾਲ ਐਕਟਿਵ ਫਾਰਮਾਸਿਊਟੀਕਲ ਇੰਗਰੀਡੀਐਂਟਸ (API) ਅਤੇ ਇੰਟਰਮੀਡੀਏਟਸ ਦਾ ਅਰਬਾਂ ਡਾਲਰ ਦਾ ਆਯਾਤ ਕਰਦਾ ਹੈ। ਇਸ ਲਈ ਉਦਯੋਗਾਂ ਨੂੰ ਵਿਚਾਰ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਉਤਪਾਦਾਂ ਦਾ ਨਿਰਮਾਣ ਦੇਸ਼ ਵਿੱਚ ਕਿਵੇਂ ਵਧਾਇਆ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਅਜਿਹੀ ਸਥਿਤੀ ਕਈ ਹੋਰ ਉਦਯੋਗਿਕ ਖੇਤਰਾਂ ਵਿੱਚ ਵੀ ਦੇਖਣ ਨੂੰ ਮਿਲਦੀ ਹੈ। ਭਾਰਤ ਨੂੰ ਖਣਿਜਾਂ ਦੇ ਖੇਤਰ ਵਿੱਚ ਵੀ ਵਿਸ਼ੇਸ਼ ਮੁਹਾਰਤ ਹਾਸਲ ਕਰਨ ਦੀ ਲੋੜ ਹੈ। ਉਨ੍ਹਾਂ ਭਾਰਤ ਦੀ ਆਰਥਿਕ ਤਰੱਕੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣਿਆ ਹੋਇਆ ਹੈ ਅਤੇ ਇਸ ਸਾਲ ਵਿਕਾਸ ਦਰ 7 ਫੀਸਦੀ ਰਹਿਣ ਦਾ ਅਨੁਮਾਨ ਕਈ ਪ੍ਰਮੁੱਖ ਸੰਸਥਾਵਾਂ ਵੱਲੋਂ ਲਗਾਇਆ ਗਿਆ ਹੈ।

PM ਮੋਦੀ ਨੇ ਦੱਸਿਆ ਕਿ ਅਕਤੂਬਰ ਮਹੀਨੇ ਦੌਰਾਨ ਭਾਰਤ ਦਾ ਨਿਰਯਾਤ ਲਗਭਗ 50 ਅਰਬ ਡਾਲਰ ਤੱਕ ਪਹੁੰਚ ਗਿਆ, ਜੋ ਕਿਸੇ ਇੱਕ ਮਹੀਨੇ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਨਿਰਯਾਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕ ਕਾਰਗੁਜ਼ਾਰੀ ਅਤੇ ਇਨ੍ਹਾਂ ਪ੍ਰਾਪਤੀਆਂ ਦੇ ਮੱਦੇਨਜ਼ਰ ਮੂਡੀਜ਼, ਐੱਸਐਂਡਪੀ, ਫਿਚ ਰੇਟਿੰਗਜ਼ ਅਤੇ ਵਿਸ਼ਵ ਬੈਂਕ ਵਰਗੀਆਂ ਸੰਸਥਾਵਾਂ ਭਾਰਤ ਦੀ ਵਿਕਾਸ ਸੰਭਾਵਨਾ ਨੂੰ ਲੈ ਕੇ ਸਕਾਰਾਤਮਕ ਅਨੁਮਾਨ ਪੇਸ਼ ਕਰ ਰਹੀਆਂ ਹਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.