ਪੰਜਾਬ ਡੈਕਸ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਵਿਧਾਇਕ ਆਤਿਸ਼ੀ ਮਾਰਲੇਨਾ ਨਾਲ ਜੁੜੇ ਇੱਕ ਵਿਵਾਦਤ ਵੀਡੀਓ ਕਲਿੱਪ ਨੇ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਸਿਆਸੀ ਗਰਮਾਹਟ ਪੈਦਾ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਦਿੱਲੀ ਵਿਧਾਨ ਸਭਾ ਦੇ ਸਪੀਕਰ ਨੇ ਪੰਜਾਬ ਦੇ ਡੀਜੀਪੀ ਸਾਈਬਰ ਕਰਾਈਮ ਦੇ ਵਿਸ਼ੇਸ਼ ਡੀਜੀਪੀ ਅਤੇ ਜਲੰਧਰ ਪੁਲਸ ਨੂੰ ਨੋਟਿਸ ਜਾਰੀ ਕਰਦਿਆਂ ਅਠਤਾਲੀ ਘੰਟਿਆਂ ਦੇ ਅੰਦਰ ਜਵਾਬ ਤਲਬ ਕੀਤਾ ਹੈ।
ਇਹ ਮਾਮਲਾ ਛੇ ਜਨਵਰੀ ਨੂੰ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਸਾਹਮਣੇ ਆਇਆ ਜਦੋਂ ਇੱਕ ਚਰਚਾ ਦੌਰਾਨ ਭਾਜਪਾ ਆਗੂਆਂ ਨੇ ਆਤਿਸ਼ੀ ਉੱਤੇ ਇਲਜ਼ਾਮ ਲਾਇਆ ਕਿ ਉਸਨੇ ਸਿੱਖ ਗੁਰੂਆਂ ਬਾਰੇ ਅਪਮਾਨਜਨਕ ਭਾਸ਼ਾ ਵਰਤੀ। ਇਸ ਤੋਂ ਅਗਲੇ ਦਿਨ ਸੱਤ ਜਨਵਰੀ ਨੂੰ ਭਾਜਪਾ ਆਗੂ ਕਪਿਲ ਮਿਸ਼ਰਾ ਵੱਲੋਂ ਇੱਕ ਵੀਡੀਓ ਜਾਰੀ ਕੀਤਾ ਗਿਆ ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਜਦੋਂ ਸਦਨ ਵਿੱਚ ਗੁਰੂ ਸਾਹਿਬਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ ਤਾਂ ਆਤਿਸ਼ੀ ਨੇ ਇਤਰਾਜ਼ਯੋਗ ਸ਼ਬਦ ਵਰਤੇ। ਹਾਲਾਂਕਿ ਆਤਿਸ਼ੀ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਿਰਾਧਾਰ ਦੱਸਦਿਆਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ: ਸਰਕਾਰੀ ਨਿਰਦੇਸ਼ਾਂ ਦੀ ਉਲੰਘਣਾ — ਠੰਢ ‘ਚ ਵੀ ਬੱਚਿਆਂ ਨੂੰ ਸਕੂਲ ਭੇਜਣ ਦੀ ਜ਼ਬਰਦਸਤੀ ਤਿਆਰੀ…
ਜਦੋਂ ਵੀਡੀਓ ਵਿਵਾਦ ਨੇ ਹੋਰ ਰੂਪ ਧਾਰ ਲਿਆ ਤਾਂ ਜਲੰਧਰ ਪੁਲਸ ਨੇ ਇੱਕ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਭਾਜਪਾ ਆਗੂ ਕਪਿਲ ਮਿਸ਼ਰਾ ਵਿਰੁੱਧ ਐਫਆਈਆਰ ਦਰਜ ਕੀਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀਡੀਓ ਮੋਹਾਲੀ ਦੀ ਫੋਰੈਂਸਿਕ ਲੈਬ ਵਿੱਚ ਜਾਂਚ ਲਈ ਭੇਜੀ ਗਈ ਸੀ ਅਤੇ ਜਾਂਚ ਵਿੱਚ ਇਹ ਸਪੱਸ਼ਟ ਹੋਇਆ ਕਿ ਆਤਿਸ਼ੀ ਵੱਲੋਂ ‘ਗੁਰੂ’ ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ ਸੀ ਅਤੇ ਵੀਡੀਓ ਵਿੱਚ ਤਬਦੀਲੀ ਕੀਤੀ ਗਈ ਸੀ।
ਇਸ ਕਾਰਵਾਈ ‘ਤੇ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਕਿਹਾ ਕਿ ਵਿਧਾਨ ਸਭਾ ਦੀ ਰਿਕਾਰਡਿੰਗ ਸਦਨ ਦੀ ਸੰਪਤੀ ਹੈ ਅਤੇ ਕਿਸੇ ਹੋਰ ਰਾਜ ਦੀ ਪੁਲਸ ਵੱਲੋਂ ਇਸ ‘ਤੇ ਐਫਆਈਆਰ ਦਰਜ ਕਰਨਾ ਸੰਵੈਧਾਨਕ ਹੱਕਾਂ ਦੀ ਉਲੰਘਣਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਲੰਧਰ ਪੁਲਸ ਕਮਿਸ਼ਨਰ ਵੱਲੋਂ ਸਦਨ ਦੀ ਸੰਪਤੀ ਵਿੱਚ ਦਖਲਅੰਦਾਜ਼ੀ ਕੀਤੀ ਗਈ ਹੈ ਅਤੇ ਇਸ ਲਈ ਉਨ੍ਹਾਂ ਵਿਰੁੱਧ ਉਚਿਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਜਿਸਨੂੰ ਮਾਂ ਜੰਗਲੀ ਬੂਟੀ ਕਹਿ ਕੇ ਪੁੱਟ ਦਿੰਦੀ ਸੀ, ਅਸਲ ਵਿੱਚ ਹੈ ਸਿਹਤ ਦਾ ਖ਼ਜ਼ਾਨਾ…..
ਇਸ ਮਾਮਲੇ ਉੱਤੇ ਕਪਿਲ ਮਿਸ਼ਰਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਜਰੀਵਾਲ ਦੀ ਪੁਲਸ ਉਨ੍ਹਾਂ ਨੂੰ ਡਰਾ ਨਹੀਂ ਸਕਦੀ ਅਤੇ ਉਨ੍ਹਾਂ ਦੇ ਅਨੁਸਾਰ ਸਾਰੀ ਜਨਤਾ ਨੇ ਵੀਡੀਓ ਦੇਖੀ ਹੈ।
ਦੂਜੇ ਪਾਸੇ ਸਿੱਖ ਧਰਮਕ ਸੰਸਥਾਵਾਂ ਅਤੇ ਸਿਆਸੀ ਪਾਰਟੀਆਂ ਵੱਲੋਂ ਵੀ ਆਤਿਸ਼ੀ ਦੇ ਕਥਿਤ ਬਿਆਨ ਦੀ ਨਿੰਦਾ ਕੀਤੀ ਗਈ ਹੈ। ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਆਤਿਸ਼ੀ ਦੀ ਵਿਧਾਇਕੀ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਆਤਿਸ਼ੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਵੱਲੋਂ ਵੀ ਦੋਸ਼ ਲਗਾਇਆ ਗਿਆ ਹੈ ਕਿ ਆਤਿਸ਼ੀ ਨੂੰ ਬਚਾਉਣ ਲਈ ਉਨ੍ਹਾਂ ਦੇ ਆਗੂ ਸੁਖਪਾਲ ਖਹਿਰਾ ਅਤੇ ਪਰਗਟ ਸਿੰਘ ਉੱਤੇ ਝੂਠੇ ਕੇਸ ਦਰਜ ਕੀਤੇ ਗਏ ਹਨ।
ਇਸ ਸਮੇਂ ਇਹ ਮਾਮਲਾ ਦਿੱਲੀ ਅਤੇ ਪੰਜਾਬ ਦੀ ਸਿਆਸਤ ਵਿੱਚ ਕੇਂਦਰੀ ਮੁੱਦਾ ਬਣ ਚੁੱਕਾ ਹੈ ਅਤੇ ਹਾਲਾਤ ਹੋਰ ਗੰਭੀਰ ਹੋ ਰਹੇ ਹਨ।

