
SGPC Support Punjab Bandh: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਸ਼ਾ ਤਸਕਰਾਂ ਦਾ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ 15 ਅਕਤੂਬਰ ਨੂੰ ਸੱਦੇ ਗਏ ਪੰਜਾਬ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ SGPC ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਕਰ ਰਹੇ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ।
ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ 15 ਅਕਤੂਬਰ ਨੂੰ SGPC ਦੇ ਦਫ਼ਤਰ ਅਤੇ ਇਸ ਦੇ ਸਾਰੇ ਅਦਾਰੇ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਹਮਾਇਤ ਕਰਨਾ ਸਮੇਂ ਦੀ ਲੋੜ ਹੈ ਅਤੇ ਅਜਿਹੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
SGPC ਪ੍ਰਧਾਨ ਨੇ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਹਰ ਰੋਜ਼ ਵੱਡੀ ਗਿਣਤੀ ਵਿੱਚ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ ਅਤੇ ਕਈ ਪਰਿਵਾਰਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਮੁਤਾਬਕ, ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੀ ਕਥਿਤ ਖੁੱਲ੍ਹੀ ਵਿਕਰੀ ਦੇ ਮਾਮਲੇ ਸਾਹਮਣੇ ਆਉਣ ਨਾਲ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ’ਤੇ ਸਵਾਲ ਖੜ੍ਹੇ ਹੁੰਦੇ ਹਨ।
ਉਨ੍ਹਾਂ ਦੁੱਖ ਪ੍ਰਗਟਾਇਆ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਨਸ਼ਿਆਂ ਨੂੰ ਖ਼ਤਮ ਕਰਨ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।
ਐਡਵੋਕੇਟ ਧਾਮੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਉਠਾਉਣ ਅਤੇ ਸੂਬੇ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸੁਰਜੀਤ ਸਿੰਘ ਭਿੱਟੇਵੜ, OSD ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਪ੍ਰੀਤਪਾਲ ਸਿੰਘ, ਤੇਜਿੰਦਰ ਸਿੰਘ ਪੱਡਾ, ਡਿਪਟੀ ਸਕੱਤਰ ਗੁਰਦਿਆਲ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਆਜ਼ਾਦ ਦੀਪ ਸਿੰਘ, ਸਤਨਾਮ ਸਿੰਘ ਰਿਆੜ ਅਤੇ ਸੁਪਰਡੈਂਟ ਨਿਸ਼ਾਨ ਸਿੰਘ ਸਮੇਤ ਹੋਰ ਹਾਜ਼ਰ ਸਨ।
मेष: दिन शुभ रहेगा...