Punjab BJP Election Committee: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੇ ਸੋਮਵਾਰ ਨੂੰ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਗਠਨ ਕਰਕੇ ਇਸ ਦੇ ਮੈਂਬਰਾਂ ਦੇ ਨਾਵਾਂ ਦਾ ਐਲਾਨ ਕੀਤਾ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਸਾਂਝੀ ਕੀਤੀ।
ਕੇਵਲ ਸਿੰਘ ਢਿੱਲੋਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਦਿਆਂ ਕਮੇਟੀ ਵਿੱਚ ਸ਼ਾਮਲ ਸਾਰੇ ਆਗੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਾਰੇ ਮੈਂਬਰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਕਮੇਟੀ ਦੇ ਮੈਂਬਰ ਪਾਰਟੀ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ।
ਐਲਾਨੀ ਗਈ ਕਮੇਟੀ ਵਿੱਚ ਕੇਵਲ ਸਿੰਘ ਢਿੱਲੋਂ, ਕੌਮੀ ਮੀਤ ਪ੍ਰਧਾਨ ਮਨਪ੍ਰੀਤ ਬਾਦਲ, ਰਾਜ ਸਭਾ ਮੈਂਬਰ ਅਤੇ ਕੌਮੀ ਦਫ਼ਤਰ ਇੰਚਾਰਜ ਤਰੁਣ ਚੁੱਘ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ ਅਤੇ ਸ਼ਵੇਤ ਮਲਿਕ ਸ਼ਾਮਲ ਹਨ। ਇਸ ਤੋਂ ਇਲਾਵਾ ਸੂਬਾ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸਲੂ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਰਵਨੀਤ ਸਿੰਘ ਬਿੱਟੂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਕਮੇਟੀ ਦੇ ਬਾਕੀ ਮੈਂਬਰਾਂ ਵਿੱਚ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ‘ਬੱਬੂ’ ਅਤੇ ਮੁਕੇਰੀਆਂ ਦੇ ਵਿਧਾਇਕ ਜੰਗੀ ਲਾਲ ਮਹਾਜਨ ਸ਼ਾਮਲ ਹਨ। ਵਿਸ਼ੇਸ਼ ਸੱਦੇ ਵਾਲੇ ਮੈਂਬਰਾਂ ਵਜੋਂ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸਤੀਸ਼ ਪੂਨੀਆ, ਪੰਜਾਬ ਦੇ ਸਹਿ-ਇੰਚਾਰਜ ਵੀਰੇਂਦਰ ਸਚਦੇਵਾ ਅਤੇ ਸੂਬਾ ਸਹਿ-ਇੰਚਾਰਜ ਤੇ ਰਾਜ ਸਭਾ ਮੈਂਬਰ ਅਲਕਾ ਗੁਰਜਰ ਦੇ ਨਾਂ ਸ਼ਾਮਲ ਕੀਤੇ ਗਏ ਹਨ।
ਚੋਣ ਕਮੇਟੀ ਦੇ ਗਠਨ ਤੋਂ ਇੱਕ ਦਿਨ ਪਹਿਲਾਂ ਭਾਜਪਾ ਨੇ ਆਪਣਾ ਚੋਣ ਵਿਜ਼ਨ ਡਾਕੂਮੈਂਟ ਤਿਆਰ ਕਰਨ ਲਈ ‘ਜਨ ਸੁਝਾਅ ਮੁਹਿੰਮ’ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਸਤੀਸ਼ ਪੂਨੀਆ, ਮੈਨੀਫੈਸਟੋ ਕਮੇਟੀ ਦੇ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅਤੇ ਹੋਰ ਮੈਂਬਰਾਂ ਦੀ ਹਾਜ਼ਰੀ ਵਿੱਚ ਤਿੰਨ ਫੋਨ ਨੰਬਰ ਅਤੇ ਇੱਕ ਕਿਊਆਰ ਕੋਡ ਜਾਰੀ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਦਾ ਮਕਸਦ ਪੰਜਾਬ ਦੇ ਲੋਕਾਂ ਤੋਂ ਚੋਣਾਂ ਲਈ ਸੁਝਾਅ ਇਕੱਠੇ ਕਰਨਾ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਢਿੱਲੋਂ ਨੇ ਕਿਹਾ ਸੀ ਕਿ ਪੰਜਾਬ ਵਿੱਚ ਨਸ਼ਿਆਂ ਦਾ ਸੰਕਟ, ਗੈਂਗਸਟਰਾਂ ਦਾ ਡਰ, ਭ੍ਰਿਸ਼ਟਾਚਾਰ ਅਤੇ ਕਰਜ਼ੇ ਦੀ ਸਮੱਸਿਆ ਵਰਗੀਆਂ ਚੁਣੌਤੀਆਂ ਦਾ ਹੱਲ ਭਾਜਪਾ ਦੀ ‘ਡਬਲ ਇੰਜਣ’ ਸਰਕਾਰ ਨਾਲ ਹੀ ਸੰਭਵ ਹੈ। ਉਨ੍ਹਾਂ ਮੁਤਾਬਕ ਕੇਂਦਰ ਅਤੇ ਸੂਬਾ ਸਰਕਾਰ ਇੱਕੋ ਦ੍ਰਿਸ਼ਟੀਕੋਣ ਨਾਲ ਕੰਮ ਕਰਨ ਤਾਂ ਵਿਕਾਸ ਦੀ ਰਫ਼ਤਾਰ ਤੇਜ਼ ਹੋ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਹੈਲਪਲਾਈਨ ਨੰਬਰਾਂ ਅਤੇ ਕਿਊਆਰ ਕੋਡ ਰਾਹੀਂ ਪਾਰਟੀ ਨਾਲ ਜੁੜ ਕੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ ਸੀ।

