ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਕੈਬਿਨੇਟ ਵਿੱਚ ਵੱਡਾ ਤਬਦੀਲੀ ਫੈਸਲਾ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਹੁਣ ਟਰਾਂਸਪੋਰਟ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸਦੇ ਨਾਲ ਹੀ ਡਾ. ਰਵਜੋਤ ਸਿੰਘ ਨੂੰ ਨਵਾਂ ਜੇਲ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਹ ਦੋਵੇਂ ਵਿਭਾਗ ਪਹਿਲਾਂ ਲਾਲਜੀਤ ਸਿੰਘ ਭੁੱਲਰ ਦੇ ਕੋਲ ਸਨ, ਜਿਨ੍ਹਾਂ ਨੇ ਹਾਲ ਹੀ ਦੇ ਵਿਵਾਦ ਮਗਰੋਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਸਾਰਾ ਮਾਮਲਾ ਉਸ ਵੇਲੇ ਗੰਭੀਰ ਹੋ ਗਿਆ ਜਦੋਂ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਖਾ ਕੇ ਆਪਣੀ ਜਾਨ ਦੇ ਦਿੱਤੀ। ਮਰਨ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਰੰਧਾਵਾ ਨੇ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਸੀ। ਉਸਦਾ ਦੋਸ਼ ਸੀ ਕਿ ਭੁੱਲਰ ਉਸ ’ਤੇ ਦਬਾਅ ਪਾ ਰਹੇ ਸਨ ਅਤੇ ਆਪਣੇ ਨਜ਼ਦੀਕੀ ਲੋਕਾਂ ਨੂੰ ਟੈਂਡਰ ਦਿਵਾਉਣ ਲਈ ਮਜਬੂਰ ਕਰ ਰਹੇ ਸਨ।
ਵਿਵਾਦ ਵਧਣ ਮਗਰੋਂ ਭੁੱਲਰ ਨੇ ਅਸਤੀਫਾ ਦੇ ਦਿੱਤਾ ਅਤੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ। ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਦੂਜੇ ਪਾਸੇ, ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਪਰਿਵਾਰ ਨੇ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਕਰਵਾਇਆ, ਜਿਸਦੀ ਵੀਡੀਓਗ੍ਰਾਫੀ ਵੀ ਕੀਤੀ ਗਈ। ਡੀਐਮ ਦਾ ਅੰਤਿਮ ਸੰਸਕਾਰ ਅੱਜ ਅੰਮ੍ਰਿਤਸਰ ਵਿੱਚ ਕੀਤਾ ਜਾਵੇਗਾ।
