Punjab Police ASI Murder in Tarntaran : ਫਿਰੋਜ਼ਪੁਰ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਵਿੱਚ ਤਾਇਨਾਤ ਏਐਸਆਈ ਇਕਬਾਲ ਸਿੰਘ (55) ਦੀ ਐਤਵਾਰ ਦੇਰ ਸ਼ਾਮ ਕਰੀਬ 7:30 ਵਜੇ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਪਟਵਾਰਖਾਨੇ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
#WATCH Tarn Taran, Punjab: Unknown assailants on a motorcycle shot dead ASI Iqbal Singh in Naushehra Pannuan. (11.10) https://t.co/ue5th4MHm3
— ANI (@ANI) October 11, 2026
ਡਿਊਟੀ ਤੋਂ ਘਰ ਪਰਤ ਰਿਹਾ ਸੀ ਇਕਬਾਲ ਸਿੰਘ
ਪ੍ਰਾਪਤ ਜਾਣਕਾਰੀ ਅਨੁਸਾਰ, ਏਐੱਸਆਈ ਇਕਬਾਲ ਸਿੰਘ ਫਿਰੋਜ਼ਪੁਰ ਵਿੱਚ ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਨੌਸ਼ਹਿਰਾ ਤੋਂ ਲੋਹਕਾ ਰੋਡ ’ਤੇ ਪਟਵਾਰਖਾਨੇ ਨੇੜੇ ਪਹੁੰਚੇ ਤਾਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਪੁਲਿਸ ਵੱਲੋਂ ਕਤਲ ਦੇ ਕਾਰਨਾਂ ਦੀ ਜਾਂਚ ਸ਼ੁਰੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਿਭਾਗ ਵਿੱਚ ਹਲਚਲ ਮਚ ਗਈ। ਡੀਐੱਸਪੀ ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਏਐੱਸਆਈ ਇਕਬਾਲ ਸਿੰਘ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਨਾ ਹੀ ਹਮਲਾਵਰਾਂ ਦੀ ਪਛਾਣ ਸਾਹਮਣੇ ਆਈ ਹੈ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਅਤੇ ਵਾਰਦਾਤ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੱਤਿਆ ਦੇ ਕਾਰਨਾਂ ਅਤੇ ਮੁਲਜ਼ਮਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।
ਦੋ ਹਮਲਾਵਰਾਂ ਨੇ ਮਾਰੀਆਂ ਗੋਲੀਆਂ
ਤਰਨਤਾਰਨ ਦੇ ਨੌਸ਼ਹਿਰਾ ਰੋਡ ’ਤੇ ਏਐਸਆਈ ਇਕਬਾਲ ਸਿੰਘ ਦੇ ਕਤਲ ਮਾਮਲੇ ਵਿੱਚ ਡੀਐਸਪੀ ਰਵੀ ਸ਼ੇਰ ਸਿੰਘ ਭੱਟੀ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਏਐਸਆਈ ਨੂੰ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਮੁਤਾਬਕ ਵਾਰਦਾਤ ਨੂੰ ਦੋ ਹਮਲਾਵਰਾਂ ਨੇ ਅੰਜਾਮ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


