Site icon Dainik Savera Punjab

Sewa Kendra Strike : ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸਾਰੇ ਸੇਵਾ ਕੇਂਦਰ, ਜਾਣੋ ਕੀ ਹਨ ਮੁਲਾਜ਼ਮਾਂ ਦੀਆਂ ਮੰਗਾਂ

Punjab Sewa Kendra Employees Strike : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਡੀਏ ਮਾਮਲੇ ‘ਚ ਜਿਥੇ 12 ਤੇ 13 ਤਰੀਕ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ, ਉਥੇ ਹੀ ਹੁਣ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ 15 ਸਤੰਬਰ ਦੀ ਹੜਤਾਲ ਦਾ ਫ਼ੈਸਲਾ ਲਿਆ ਹੈ। ਪੰਜਾਬ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਜਾਣਕਾਰੀ ਦਿੰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲੋਂ ਗੌਰ ਨਾ ਕੀਤਾ ਤਾਂ 15 ਤਰੀਕ ਤੋਂ ਬਾਅਦ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।

ਇਸ ਤੋਂ ਇਲਾਵਾ ਆਗੂ ਨੇ ਦੱਸਿਆ ਕਿ ਯੂਨੀਅਨ ਵੱਲੋਂ 15 ਸਤੰਬਰ ਨੂੰ ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ ਕੰਮ ਬੰਦ ਰੱਖ ਕੇ ਇੱਕ ਦਿਨ ਦੀ ਪੂਰਨ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੂਹਿਕ ਹੜਤਾਲ ਦੌਰਾਨ ਸਾਰੇ ਮੁਲਾਜ਼ਮ ਪੰਜਾਬ ਸਰਕਾਰ ਤੋਂ ਮੰਗਾਂ ਲਾਗੂ ਕਰਵਾਉਣ ਲਈ ਮੋਹਾਲੀ ਵਿਖੇ ਇਕੱਠੇ ਹੋਣਗੇ ਅਤੇ ਰੋਸ ਪ੍ਰਗਟਾਵਾ ਕਰਨਗੇ।

15 ਸਤੰਬਰ ਨੂੰ ਮੁਹਾਲੀ ਦੇ ਫੇਜ 10 ‘ਚ ਇਕੱਠੇ ਹੋਣਗੇ ਮੁਲਾਜ਼ਮ

ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਵੱਲੋਂ ਫੇਜ-10 ਵਿਖੇ ਕਿਰਤ ਵਿਭਾਗ ਦੇ ਦਫਤਰ ਅੱਗੇ ਇਕੱਠੇ ਹੋ ਕੇ ਧਰਨਾ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਜਾਣੂ ਕਰਵਾਇਆ ਜਾ ਚੁੱਕਾ ਹੈ ਅਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਲਿਖਤੀ ਪੱਤਰ ਵੀ ਭੇਜੇ ਗਏ, ਪਰ ਹੁਣ ਤੱਕ ਮਸਲਿਆਂ ਦੇ ਹੱਲ ਲਈ ਕੋਈ ਢੁੱਕਵੀਂ ਮੀਟਿੰਗ ਨਹੀਂ ਸੱਦੀ ਗਈ। ਨਤੀਜੇ ਵੱਜੋਂ ਮੁਲਾਜ਼ਮਾਂ ‘ਚ ਭਾਰੀ ਰੋਸ ਹੈ।

ਇਸ ਮੌਕੇ ਬਲਜਿੰਦਰ ਸਿੰਘ ਮਾਝਾ ਦੇ ਨਾਲ ਜਨਰਲ ਸਕੱਤਰ ਗੁਰਸੇਵਕ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 15 ਸਤੰਬਰ ਨੂੰ ਹੀ ਧਰਨੇ ਦੌਰਾਨ ਅਗਲੇ ਸੰਘਰਸ਼ ਦੀ ਰੂਪਰੇਖਾ ਬਾਰੇ ਫੈਸਲਾ ਲਿਆ ਜਾਵੇਗਾ ਅਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੇ ਨਤੀਜਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Exit mobile version