Smart Ration Card: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸੂਬੇ ਦੇ 10 ਲੱਖ ਨਵੇਂ ਲਾਭਪਾਤਰੀਆਂ ਨੂੰ ਖੁਰਾਕ ਸੁਰੱਖਿਆ ਯੋਜਨਾ ਨਾਲ ਜੋੜਨ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ‘ਨਾ ਨਕਦ, ਨਾ ਸਿਫ਼ਾਰਸ਼’ ਦੇ ਸਿਧਾਂਤ ਨੂੰ ਅਪਣਾਉਂਦਿਆਂ ਡਿਜੀਟਲ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਲੋੜਵੰਦ ਪਰਿਵਾਰਾਂ ਦੀ ਚੋਣ ਕੀਤੀ ਹੈ, ਤਾਂ ਜੋ ਸਰਕਾਰੀ ਸਹੂਲਤਾਂ ਅਸਲ ਹੱਕਦਾਰਾਂ ਤੱਕ ਪਹੁੰਚ ਸਕਣ।
ਸਮਾਗਮ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨਵੇਂ ਲਾਭਪਾਤਰੀਆਂ ਨੂੰ ‘ਮੇਰੀ ਰਸੋਈ’ ਰਾਸ਼ਨ ਕਿੱਟਾਂ ਵੀ ਵੰਡੀਆਂ। ਇਸ ਕਿੱਟ ਵਿੱਚ ਦਾਲਾਂ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਸ ਤੋਂ ਇਲਾਵਾ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਨਵੇਂ ਕਾਰਡ ਧਾਰਕ ਪਰਿਵਾਰਾਂ ਦੇ ਹਰੇਕ ਮੈਂਬਰ ਨੂੰ ਹਰ ਮਹੀਨੇ ਪੰਜ ਕਿਲੋ ਮੁਫ਼ਤ ਕਣਕ ਵੀ ਦਿੱਤੀ ਜਾਵੇਗੀ। ਇਸ ਸਹੂਲਤ ਦਾ ਲਾਭ ਲੈਣ ਲਈ ਪਰਿਵਾਰ ਦੇ ਮੈਂਬਰਾਂ ਨੂੰ ਈ-ਕੇਵਾਈਸੀ ਦੀ ਪ੍ਰਕਿਰਿਆ ਪੂਰੀ ਕਰਨੀ ਲਾਜ਼ਮੀ ਹੋਵੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਜੁਲਾਈ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਸਰਕਾਰ ਨੂੰ ਕੁੱਲ 19.25 ਲੱਖ ਆਨਲਾਈਨ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਲੋਕਾਂ ਨੇ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਅਤੇ ਆਨਲਾਈਨ ਪੋਰਟਲ ਰਾਹੀਂ ਅਪਲਾਈ ਕੀਤਾ ਸੀ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਅਰਜ਼ੀਆਂ ਦੀ ਜਾਂਚ ਕੀਤੀ ਅਤੇ ਯੋਗ ਪਰਿਵਾਰਾਂ ਦੀ ਪਛਾਣ ਕੀਤੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਡਿਜੀਟਲ ਰਿਕਾਰਡ ਅਤੇ ਨਿਰਪੱਖ ਮਾਪਦੰਡਾਂ ਦੀ ਵਰਤੋਂ ਕੀਤੀ ਗਈ, ਤਾਂ ਜੋ ਕਿਸੇ ਤਰ੍ਹਾਂ ਦੇ ਭੇਦਭਾਵ ਜਾਂ ਸਿਆਸੀ ਦਖ਼ਲ ਤੋਂ ਬਿਨਾਂ ਹੱਕਦਾਰਾਂ ਨੂੰ ਲਾਭ ਮਿਲ ਸਕੇ।
ਭਗਵੰਤ ਮਾਨ ਅਨੁਸਾਰ, ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ-2013 ਤਹਿਤ ਪੰਜਾਬ ਵਿੱਚ ਪਹਿਲਾਂ ਹੀ 39.73 ਲੱਖ ਪਰਿਵਾਰਾਂ ਦੇ ਲਗਭਗ 1.36 ਕਰੋੜ ਲੋਕਾਂ ਨੂੰ ਰਾਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ 10 ਲੱਖ ਨਵੇਂ ਲਾਭਪਾਤਰੀਆਂ ਨੂੰ ਇਸ ਪ੍ਰਣਾਲੀ ਨਾਲ ਜੋੜਨ ਲਈ ਮੁਹਿੰਮ ਚਲਾਈ ਗਈ ਹੈ। ਨਵੀਂ ‘ਮੇਰੀ ਰਸੋਈ’ ਕਿੱਟ ਵਿੱਚ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਦਿੱਤਾ ਜਾਵੇਗਾ। ਸਰਕਾਰ ਮੁਤਾਬਕ, ਇਨ੍ਹਾਂ ਵਾਧੂ ਸਹੂਲਤਾਂ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਰਾਹਤ ਮਿਲੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਚੁਣੇ ਗਏ ਪਰਿਵਾਰਾਂ ਨੂੰ ਉਨ੍ਹਾਂ ਦੇ ਰਜਿਸਟਰਡ ਮੋਬਾਈਲ ਨੰਬਰਾਂ ‘ਤੇ ਐੱਸਐੱਮਐੱਸ ਭੇਜ ਕੇ ਸੂਚਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਈਵੀਆਰਐੱਸ ਸੁਨੇਹਿਆਂ ਅਤੇ ਪੱਤਰਾਂ ਰਾਹੀਂ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਬਿਨੈਕਾਰ ਆਪਣੇ ਅਰਜ਼ੀ ਨੰਬਰ ਦੀ ਮਦਦ ਨਾਲ ਸਬੰਧਤ ਪੋਰਟਲ ‘ਤੇ ਜਾ ਕੇ ਆਪਣੀ ਅਰਜ਼ੀ ਦੀ ਸਥਿਤੀ ਵੀ ਦੇਖ ਸਕਦੇ ਹਨ। ਸਫਲ ਬਿਨੈਕਾਰਾਂ ਦੇ ਰਾਸ਼ਨ ਕਾਰਡਾਂ ਨੂੰ ਆਨਲਾਈਨ ਰਾਸ਼ਨ ਵੰਡ ਪ੍ਰਣਾਲੀ ਨਾਲ ਜੋੜਨ ਦਾ ਕੰਮ ਜਾਰੀ ਹੈ।
ਭਗਵੰਤ ਮਾਨ ਨੇ ਨਵੇਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਨੇੜਲੇ ਰਾਸ਼ਨ ਡਿਪੂ ਜਾਂ ਅਧਿਕਾਰਤ ਡੀਲਰ ਕੋਲ ਜਾ ਕੇ ਪਰਿਵਾਰ ਦੇ ਹਰੇਕ ਮੈਂਬਰ ਦੀ ਈ-ਕੇਵਾਈਸੀ ਪੂਰੀ ਕਰਵਾਉਣ। ਇਸ ਨਾਲ ਕਣਕ ਦੀ ਮਹੀਨਾਵਾਰ ਸਹੂਲਤ ਲੈਣ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਰੀਬ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਕਦਮ ਚੁੱਕੇ ਜਾਣਗੇ, ਤਾਂ ਜੋ ਹਰ ਲੋੜਵੰਦ ਪਰਿਵਾਰ ਤੱਕ ਖੁਰਾਕ ਸੁਰੱਖਿਆ ਦੀ ਸਹੂਲਤ ਪਹੁੰਚਾਈ ਜਾ ਸਕੇ।

