Punjab Stubble Burning: ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਇਹ ਪ੍ਰਸ਼ਾਸਨ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ 5 ਨਵੰਬਰ ਤੱਕ ਜਾਰੀ ਕੀਤੇ ਅੰਕੜਿਆਂ ਮੁਤਾਬਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਕੁੱਲ 2,787 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 2,194 ਥਾਵਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਗਿਆ, ਜਦਕਿ 994 ਥਾਵਾਂ ’ਤੇ ਖੇਤਾਂ ਵਿੱਚ ਅੱਗ ਲਗਾਉਣ ਦੀ ਪੁਸ਼ਟੀ ਹੋਈ ਹੈ।
ਰਿਪੋਰਟ ਅਨੁਸਾਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਤਾਵਰਣ ਮੁਆਵਜ਼ੇ ਵਜੋਂ 914 ਕੇਸਾਂ ਵਿੱਚ ਕੁੱਲ 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਰਕਮ ਵਿੱਚੋਂ ਹੁਣ ਤੱਕ 24.85 ਲੱਖ ਰੁਪਏ ਵਸੂਲੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 223 ਤਹਿਤ 710 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 829 ਮਾਮਲਿਆਂ ਵਿੱਚ ਮਾਲ ਵਿਭਾਗ ਦੇ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ।
ਜ਼ਿਲ੍ਹਾਵਾਰ ਅੰਕੜਿਆਂ ਵਿੱਚ ਤਰਨਤਾਰਨ ਪਰਾਲੀ ਸਾੜਨ ਦੀਆਂ 586 ਘਟਨਾਵਾਂ ਨਾਲ ਪਹਿਲੇ ਸਥਾਨ ’ਤੇ ਹੈ। ਜ਼ਿਲ੍ਹੇ ਵਿੱਚ 553 ਥਾਵਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 294 ਥਾਵਾਂ ’ਤੇ ਅੱਗ ਲਗਾਉਣ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ 361, ਸੰਗਰੂਰ ਵਿੱਚ 240, ਅੰਮ੍ਰਿਤਸਰ ਵਿੱਚ 221 ਅਤੇ ਬਠਿੰਡਾ ਵਿੱਚ 216 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਫਿਰੋਜ਼ਪੁਰ ਵਿੱਚ 163 ਅਤੇ ਸੰਗਰੂਰ ਵਿੱਚ 49 ਥਾਵਾਂ ’ਤੇ ਪਰਾਲੀ ਸਾੜਨ ਦੀ ਪੁਸ਼ਟੀ ਹੋਈ ਹੈ।
ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ 156 ਮਾਮਲੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 103 ਥਾਵਾਂ ਦਾ ਨਿਰੀਖਣ ਕਰਨ ਮਗਰੋਂ 59 ਥਾਵਾਂ ’ਤੇ ਅੱਗ ਲਗਾਉਣ ਦੀ ਪੁਸ਼ਟੀ ਕੀਤੀ ਗਈ। ਇਨ੍ਹਾਂ ਮਾਮਲਿਆਂ ਵਿੱਚ 42 ਕੇਸਾਂ ਲਈ 2.15 ਲੱਖ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ, ਜਿਸ ਵਿੱਚੋਂ 70 ਹਜ਼ਾਰ ਰੁਪਏ ਦੀ ਵਸੂਲੀ ਹੋ ਚੁੱਕੀ ਹੈ। ਇਸੇ ਜ਼ਿਲ੍ਹੇ ਵਿੱਚ 27 ਐੱਫਆਈਆਰ ਦਰਜ ਹੋਈਆਂ, 16 ਮਾਮਲਿਆਂ ਵਿੱਚ ਰੈੱਡ ਐਂਟਰੀ ਕੀਤੀ ਗਈ ਅਤੇ 25 ਚੇਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ।
PPCB ਦੀ ਰਿਪੋਰਟ ਮੁਤਾਬਕ ਪੰਜਾਬ ਵਿੱਚ ਝੋਨੇ ਦੀ ਕੁੱਲ ਬਿਜਾਈ ਹੇਠਲਾ ਰਕਬਾ 32.87096 ਲੱਖ ਹੈਕਟੇਅਰ ਹੈ। 5 ਨਵੰਬਰ ਤੱਕ ਇਸ ਵਿੱਚੋਂ 87.60 ਫ਼ੀਸਦੀ ਰਕਬੇ ਵਿੱਚ ਫ਼ਸਲ ਦੀ ਕਟਾਈ ਪੂਰੀ ਹੋ ਚੁੱਕੀ ਹੈ। ਇਸ ਦੌਰਾਨ ਸੂਬੇ ਭਰ ਵਿੱਚ 786 ਚੇਤਾਵਨੀ ਜਾਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ 18 ਮਾਮਲਿਆਂ ਵਿੱਚ ਸਬੰਧਤ ਅਧਿਕਾਰੀਆਂ ਵਿਰੁੱਧ ਮੁਕੱਦਮਾ ਚਲਾਉਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।
ਬੋਰਡ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਪਰਾਲੀ ਸਾੜਨ ’ਤੇ ਰੋਕ ਲਗਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮੌਕੇ ’ਤੇ ਜਾਂਚ, ਜੁਰਮਾਨੇ, ਐੱਫਆਈਆਰ ਅਤੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਵਰਗੇ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਬਾਵਜੂਦ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਲਗਾਤਾਰ ਦਰਜ ਹੋ ਰਹੀਆਂ ਹਨ, ਜੋ ਹਵਾ ਪ੍ਰਦੂਸ਼ਣ ਨੂੰ ਕਾਬੂ ਕਰਨ ਦੀ ਕੋਸ਼ਿਸ਼ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।
मेष: दिन शुभ रहेगा...