skip to content

Last Updated: November 19, 2026

Dainik Savera Times Logo

Punjab Weather Alert: ਪੰਜਾਬ ‘ਚ ਅਗਲੇ 4 ਦਿਨ ਸੰਘਣੀ ਧੁੰਦ ਦਾ ਅਲਰਟ, ਸਵੇਰੇ-ਸ਼ਾਮ ਵਧੀ ਠੰਢ; ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

19 November 2026 ਅੱਪਡੇਟ ਕੀਤਾ ਗਿਆ

Punjab Weather Alert: ਪੰਜਾਬ ‘ਚ ਅਗਲੇ 4 ਦਿਨ ਸੰਘਣੀ ਧੁੰਦ ਦਾ ਅਲਰਟ, ਸਵੇਰੇ-ਸ਼ਾਮ ਵਧੀ ਠੰਢ; ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

Punjab Weather Update: ਪੰਜਾਬ ਵਿੱਚ ਸਰਦੀ ਦਾ ਅਸਰ ਹੁਣ ਹੌਲੀ-ਹੌਲੀ ਵਧਣ ਲੱਗਾ ਹੈ। ਸਵੇਰ ਅਤੇ ਰਾਤ ਦੇ ਸਮੇਂ ਠੰਢ ਮਹਿਸੂਸ ਹੋਣ ਦੇ ਨਾਲ ਕਈ ਇਲਾਕਿਆਂ ਵਿੱਚ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਲਗਾਤਾਰ ਚਾਰ ਦਿਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 22 ਨਵੰਬਰ ਤੱਕ ਕੁਝ ਇਲਾਕਿਆਂ ਵਿੱਚ ਸਵੇਰੇ ਅਤੇ ਰਾਤ ਵੇਲੇ ਧੁੰਦ ਦਾ ਅਸਰ ਰਹਿ ਸਕਦਾ ਹੈ।

ਮੌਸਮ ਕੇਂਦਰ ਚੰਡੀਗੜ੍ਹ ਦੀ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਘੱਟੋ-ਘੱਟ ਤਾਪਮਾਨ ਵਿੱਚ ਔਸਤਨ 0.1 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ। ਇਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਬਰਨਾਲਾ ਵਿੱਚ ਇਹ 13.6 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ 19 ਤੋਂ 22 ਨਵੰਬਰ ਤੱਕ ਸਵੇਰੇ ਅਤੇ ਰਾਤ ਦੇ ਸਮੇਂ ਧੁੰਦ ਬਣੀ ਰਹਿਣ ਦੀ ਸੰਭਾਵਨਾ ਹੈ। ਘੱਟ ਵਿਜ਼ੀਬਿਲਟੀ ਕਾਰਨ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ, ਇਸ ਲਈ ਵਾਹਨ ਚਾਲਕਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਪੰਜ ਦਿਨ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੱਛਮੀ ਗੜਬੜੀ ਦੇ ਕਮਜ਼ੋਰ ਹੋਣ ਕਾਰਨ ਮੌਸਮ ਵਿੱਚ ਫਿਲਹਾਲ ਕਿਸੇ ਵੱਡੇ ਬਦਲਾਅ ਦੇ ਆਸਾਰ ਨਹੀਂ ਹਨ। ਆਉਣ ਵਾਲੇ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਵੀ ਵੱਡੇ ਉਤਾਰ-ਚੜ੍ਹਾਅ ਦੀ ਉਮੀਦ ਨਹੀਂ ਹੈ, ਹਾਲਾਂਕਿ ਸਵੇਰ ਅਤੇ ਸ਼ਾਮ ਦੀ ਠੰਢ ਜਾਰੀ ਰਹੇਗੀ।

ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 8 ਤੋਂ 13.6 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਕਾਰਡ ਕੀਤਾ ਗਿਆ। ਫਰੀਦਕੋਟ ਵਿੱਚ 8.0, ਲੁਧਿਆਣਾ ਵਿੱਚ 8.2, ਪਟਿਆਲਾ ਵਿੱਚ 9.3, ਅੰਮ੍ਰਿਤਸਰ ਵਿੱਚ 10.6, ਗੁਰਦਾਸਪੁਰ ਵਿੱਚ 10.9, ਚੰਡੀਗੜ੍ਹ ਅਤੇ ਪਠਾਨਕੋਟ ਵਿੱਚ 11.2, ਮੋਹਾਲੀ ਵਿੱਚ 13.4 ਅਤੇ ਬਰਨਾਲਾ ਵਿੱਚ 13.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.2 ਡਿਗਰੀ ਵੱਧ ਰਿਹਾ।

ਪਿਛਲੇ 24 ਘੰਟਿਆਂ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ ਦੀ ਗਿਰਾਵਟ ਵੀ ਦਰਜ ਕੀਤੀ ਗਈ। ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 1.7 ਡਿਗਰੀ ਅਤੇ ਲੁਧਿਆਣਾ ਦੇ ਪੀਏਯੂ ਮੌਸਮ ਕੇਂਦਰ ਵਿੱਚ 1.2 ਡਿਗਰੀ ਸੈਲਸੀਅਸ ਘਟਿਆ। ਇਸ ਦੇ ਉਲਟ ਬਠਿੰਡਾ ਵਿੱਚ ਤਾਪਮਾਨ 0.6 ਡਿਗਰੀ ਸੈਲਸੀਅਸ ਵਧਿਆ। ਮੌਸਮ ਦੇ ਇਸ ਬਦਲਦੇ ਰੁਖ਼ ਕਾਰਨ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਸਵੇਰੇ ਅਤੇ ਰਾਤ ਵੇਲੇ ਠੰਢ ਦੇ ਨਾਲ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.