ਜਬਰ ਜਨਾਹ ਦੇ ਮਾਮਲੇ ਵਿੱਚ ਨਾਮਜ਼ਦ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ਗੀ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਹਾਲਾਂਕਿ ਇਸ ਪਟੀਸ਼ਨ ’ਤੇ ਸੁਣਵਾਈ ਲਈ ਅਜੇ ਤੱਕ ਬੈਂਚ ਤੈਅ ਨਹੀਂ ਹੋ ਸਕਿਆ ਹੈ।
ਪਟਿਆਲਾ ਦੇ ਐਡਵੋਕੇਟ ਵਿਕਰਮ ਭੁੱਲਰ ਅਤੇ ਸਰਬਜੀਤ ਸੱਗੂ ਨੇ ਦੱਸਿਆ ਕਿ ਅਦਾਲਤ ਵਿੱਚ ਚੱਲ ਰਹੀ ਹੜਤਾਲ ਕਾਰਨ ਬੈਂਚ ਦੀ ਬਣਤਰ ਨਹੀਂ ਹੋ ਸਕੀ, ਪਰ ਉਮੀਦ ਜਤਾਈ ਜਾ ਰਹੀ ਹੈ ਕਿ ਸ਼ੁੱਕਰਵਾਰ ਤੋਂ ਪਹਿਲਾਂ ਇਸ ਬਾਰੇ ਸਥਿਤੀ ਸਪੱਸ਼ਟ ਹੋ ਜਾਵੇਗੀ।
ਜ਼ਿਕਰਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਨੇ ਇਸ ਤੋਂ ਪਹਿਲਾਂ ਪਟਿਆਲਾ ਦੀ ਸੈਸ਼ਨ ਕੋਰਟ ਵਿੱਚ ਪੇਸ਼ਗੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜੋ ਅਕਤੂਬਰ ਮਹੀਨੇ ਵਿੱਚ ਖ਼ਾਰਜ ਹੋ ਗਈ ਸੀ। ਇਸ ਤੋਂ ਬਾਅਦ ਲਗਭਗ ਦੋ ਮਹੀਨੇ ਬਾਅਦ ਹੁਣ ਹਾਈ ਕੋਰਟ ਦਾ ਰੁਖ ਕੀਤਾ ਗਿਆ ਹੈ। ਪਟੀਸ਼ਨ ਵਿੱਚ ਵਕੀਲਾਂ ਵੱਲੋਂ ਤਰਕ ਦਿੱਤਾ ਗਿਆ ਹੈ ਕਿ ਸ਼ਿਕਾਇਤਕਰਤਾ ਔਰਤ ਪਹਿਲਾਂ ਆਪਣੇ ਆਪ ਨੂੰ ਵਿਧਾਇਕ ਦੀ ਪਤਨੀ ਦੱਸਦੀ ਰਹੀ ਹੈ, ਜਦਕਿ ਹੁਣ ਉਸ ਨੇ ਜਬਰ ਜਨਾਹ ਦਾ ਕੇਸ ਦਰਜ ਕਰਵਾਇਆ ਹੈ, ਜੋ ਸਿਆਸੀ ਰੰਜਿਸ਼ ਤੋਂ ਪ੍ਰੇਰਿਤ ਦੱਸਿਆ ਜਾ ਰਿਹਾ ਹੈ।
READ ALSO : ਤਰਨ ਤਾਰਨ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਨਤੀਜੇ ਐਲਾਨ, ਆਮ ਆਦਮੀ ਪਾਰਟੀ ਦੀ ਵੱਡੀ ਜਿੱਤ
ਇਸ ਦੌਰਾਨ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ, ਜਦਕਿ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਹੀ ਲੁਕਆਊਟ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।
ਜ਼ੀਰਕਪੁਰ ਦੀ ਰਹਿਣ ਵਾਲੀ ਇੱਕ ਔਰਤ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਵਿਧਾਇਕ ਨੇ ਆਪਣੇ ਆਪ ਨੂੰ ਤਲਾਕਸ਼ੁਦਾ ਦੱਸ ਕੇ ਉਸ ਨਾਲ ਸਬੰਧ ਬਣਾਏ ਅਤੇ 2021 ਵਿੱਚ ਵਿਆਹ ਕੀਤਾ, ਹਾਲਾਂਕਿ ਉਹ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਸੀ। ਔਰਤ ਦਾ ਦੋਸ਼ ਹੈ ਕਿ ਉਸ ਨਾਲ ਜਬਰ ਜਨਾਹ ਕੀਤਾ ਗਿਆ ਅਤੇ ਉਸ ਨਾਲ ਧੋਖਾਧੜੀ ਹੋਈ।
ਐੱਫਆਈਆਰ ਦਰਜ ਹੋਣ ਤੋਂ ਬਾਅਦ ਵਿਧਾਇਕ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਡਬਰੀ ਵਿੱਚ ਛਾਪੇਮਾਰੀ ਕਰਨ ਪੁੱਜੀ ਸੀ। ਉੱਥੋਂ ਪੁਲਿਸ ਹਿਰਾਸਤ ਤੋਂ ਫ਼ਰਾਰ ਹੋਣ ਦੇ ਮਾਮਲੇ ਵਿੱਚ ਵੀ ਵੱਖਰੇ ਤੌਰ ’ਤੇ ਇੱਕ ਹੋਰ ਐੱਫਆਈਆਰ ਦਰਜ ਕੀਤੀ ਗਈ ਸੀ। ਮਾਮਲੇ ਦੀ ਅਗਲੀ ਸੁਣਵਾਈ ਲਈ ਹੁਣ ਹਾਈ ਕੋਰਟ ਵੱਲੋਂ ਬੈਂਚ ਤੈਅ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ।
ਜ਼ਿਲਾ ਪਰਿਸ਼ਦ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ‘ਤੇ MP Ashok Mittal ਨੇ ਜ਼ਾਹਰ ਕੀਤੀ ਖੁਸ਼ੀ

