Site icon Dainik Savera Punjab

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਸੰਸਦ ਸੈਸ਼ਨ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਖਾਰਜ

Punjab government rejects Amritpal Singh's request for temporary parole for Parliament session

Punjab government rejects Amritpal Singh's request for temporary parole for Parliament session

ਚੰਡੀਗੜ੍ਹ ਨਿਊਜ਼: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਦਿੱਤੀ ਜਾਣ ਵਾਲੀ ਅਸਥਾਈ ਪੈਰੋਲ ਦੀ ਮੰਗ ਸਪੱਸ਼ਟ ਤੌਰ ‘ਤੇ ਖਾਰਜ ਕਰ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਸੂਬੇ ਦੀ ਸੁਰੱਖਿਆ, ਲੋਕ ਵਿਵਸਥਾ ਅਤੇ ਜਨਤਕ ਅਮਨ-ਚੈਨ ਸਭ ਤੋਂ ਉੱਪਰ ਹਨ, ਇਸ ਲਈ ਅੰਮ੍ਰਿਤਪਾਲ ਨੂੰ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਪੰਜਾਬ ਦੇ ਗ੍ਰਹਿ ਵਿਭਾਗ ਦੇ ਵਾਧੂ ਮੁੱਖ ਸਕੱਤਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਰਾਜ ਦੀ ਸੁਰੱਖਿਆ ਅਤੇ ਲੋਕ ਵਿਵਸਥਾ ਲਈ ਗੰਭੀਰ ਤੇ ਤੁਰੰਤ ਖ਼ਤਰਾ ਮੰਨਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਦੀ ਅਰਜ਼ੀ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ। ਸਰਕਾਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਵੱਲੋਂ 17 ਅਪ੍ਰੈਲ 2025 ਨੂੰ ਜਾਰੀ ਹੁਕਮਾਂ ਅਨੁਸਾਰ ਅੰਮ੍ਰਿਤਪਾਲ ਨੂੰ 23 ਅਪ੍ਰੈਲ 2025 ਤੋਂ ਹਿਰਾਸਤ ਵਿੱਚ ਲਿਆ ਗਿਆ ਸੀ।

READ ALSO :ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ, ਪੰਜਾਬ ਸਰਕਾਰ ਦੀਆਂ ਦਲੀਲਾਂ ਰੱਦ

ਸਲਾਹਕਾਰ ਬੋਰਡ ਨੇ 9 ਜੂਨ 2025 ਨੂੰ ਉਨ੍ਹਾਂ ਦੀ ਨਜ਼ਰਬੰਦੀ ਨੂੰ ਠੀਕ ਕਰਾਰ ਦਿੱਤਾ। ਇਸ ਤੋਂ ਬਾਅਦ 24 ਜੂਨ 2025 ਨੂੰ ਪੰਜਾਬ ਸਰਕਾਰ ਨੇ ਐਨਐਸਏ ਦੀ ਧਾਰਾ 12(1) ਅਤੇ 13 ਤਹਿਤ 12 ਮਹੀਨਿਆਂ ਲਈ ਕੇਂਦਰੀ ਜੇਲ੍ਹ ਡਿਬਰੂਗੜ੍ਹ, ਅਸਾਮ ਵਿੱਚ ਨਿਰੰਤਰ ਨਜ਼ਰਬੰਦੀ ਦੇ ਹੁਕਮ ਜਾਰੀ ਕੀਤੇ।

ਇਸ ਦਰਮਿਆਨ ਅੰਮ੍ਰਿਤਪਾਲ ਵੱਲੋਂ ਦਿੱਤੀ ਗਈ ਅਰਜ਼ੀ ‘ਤੇ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅੰਮ੍ਰਿਤਸਰ ਰੂਰਲ ਤੋਂ ਟਿੱਪਣੀਆਂ ਮੰਗੀਆਂ ਗਈਆਂ। ਦੋਹਾਂ ਅਧਿਕਾਰੀਆਂ ਨੇ ਅਸਥਾਈ ਰਿਹਾਈ ਦਾ ਤਿੱਖਾ ਵਿਰੋਧ ਕੀਤਾ ਅਤੇ ਕਿਹਾ ਕਿ ਇਸ ਨਾਲ ਰਾਜ ਦੀ ਸੁਰੱਖਿਆ ਅਤੇ ਲੋਕ ਵਿਵਸਥਾ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ।

ਸਰਕਾਰ ਨੇ ਆਪਣੇ ਹੁਕਮ ਵਿੱਚ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਦੇ ਫੈਸਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਿਰਾਸਤ ਵਿੱਚ ਰਹਿੰਦਿਆਂ ਸੰਸਦ ਸੈਸ਼ਨ ਵਿੱਚ ਹਿੱਸਾ ਲੈਣਾ ਕੋਈ ਸੰਵਿਧਾਨਕ ਅਧਿਕਾਰ ਨਹੀਂ ਹੈ। ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਸੰਸਦ ਮੈਂਬਰਾਂ ਨੂੰ ਆਮ ਨਾਗਰਿਕਾਂ ਤੋਂ ਉੱਪਰ ਕੋਈ ਖ਼ਾਸ ਦਰਜਾ ਪ੍ਰਾਪਤ ਨਹੀਂ ਹੁੰਦਾ।

ਇਨ੍ਹਾਂ ਸਾਰੇ ਤੱਥਾਂ ਅਤੇ ਰਿਕਾਰਡ ਦੇ ਆਧਾਰ ‘ਤੇ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ਦੀ ਮੰਗ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ।

ਪ੍ਰੀਖਿਆਵਾਂ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀਆਂ ਡਿਊਟੀਆਂ ਤੋਂ ਨਾਰਾਜ਼ ਅਧਿਆਪਕ, ਬਾਈਕਾਟ ਦਾ ਐਲਾਨ

Exit mobile version