Site icon Dainik Savera Punjab

Ravidas Jayanti: ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡੇ ਸਮਾਗਮ ਕਰਵਾਉਣ ਦੀ SGPC ਵੱਲੋਂ ਤਿਆਰੀ, ਬਣਾਈ ਵਿਸ਼ੇਸ਼ ਯੋਜਨਾ

Ravidas Jayanti: ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਕੀਰਤਨ ਦਰਬਾਰਾਂ ਅਤੇ ਗੁਰਮਤਿ ਸਮਾਗਮਾਂ ਦੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਉਪ-ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ।

ਮੀਟਿੰਗ ਦੌਰਾਨ ਵੱਖ-ਵੱਖ ਧਾਰਮਿਕ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਅਤੇ ਸੰਗਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਬਾਰੇ ਸੁਝਾਅ ਵਿਚਾਰੇ ਗਏ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ 19 ਅਤੇ 20 ਫਰਵਰੀ 2027 ਨੂੰ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਅਤੇ ਹੋਰ ਇਲਾਕਿਆਂ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 14 ਨਵੰਬਰ 2026 ਨੂੰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਹੋਵੇਗੀ। ਇਸ ਤੋਂ ਬਾਅਦ 29 ਨਵੰਬਰ ਨੂੰ ਬੋਦਲ ਦੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ, 5 ਦਸੰਬਰ ਨੂੰ ਬੰਗਾ ਦੇ ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਅਤੇ 8 ਦਸੰਬਰ ਨੂੰ ਮਾਊਂ ਸਾਹਿਬ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਸੇ ਲੜੀ ਤਹਿਤ 2 ਜਨਵਰੀ 2027 ਨੂੰ ਮੋਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ, 5 ਜਨਵਰੀ ਨੂੰ ਮਾਹਿਲਪੁਰ ਦੇ ਗੁਰਦੁਆਰਾ ਸ਼ਹੀਦਾਂ ਲੱਧੇਵਾਲ, 10 ਜਨਵਰੀ ਨੂੰ ਆਲਮਗੀਰ (ਲੁਧਿਆਣਾ) ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅਤੇ 14 ਜਨਵਰੀ ਨੂੰ ਢੇਸੀਆਂ ਦੇ ਗੁਰਦੁਆਰਾ ਸੰਗ ਜੀ ਵਿਖੇ ਸਮਾਗਮ ਹੋਣਗੇ।

ਇਸ ਤੋਂ ਇਲਾਵਾ 22 ਜਨਵਰੀ ਨੂੰ ਬਰਨਾਲਾ ਦੇ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ, 23 ਜਨਵਰੀ ਨੂੰ ਬਟਾਲਾ ਦੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸਤਿਕਾਰੀਆਂ ਅਤੇ 24 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮਾਗਮ ਕਰਵਾਏ ਜਾਣਗੇ। ਇਸੇ ਤਰ੍ਹਾਂ 30 ਜਨਵਰੀ ਨੂੰ ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ, 7 ਫਰਵਰੀ ਨੂੰ ਬਾਜ਼ੀਦਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ, 14 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਅਤੇ 18 ਫਰਵਰੀ ਨੂੰ ਸ੍ਰੀ ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ 19 ਅਤੇ 20 ਫਰਵਰੀ 2027 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਕਾਰਜਕਾਰਨੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਸਮੇਤ ਕਈ ਅਹੁਦੇਦਾਰ, ਮੈਂਬਰ, ਸਕੱਤਰ, ਵਧੀਕ ਸਕੱਤਰ ਅਤੇ ਸਹਾਇਕ ਸਕੱਤਰ ਮੌਜੂਦ ਰਹੇ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਡਾ. ਰਾਜਵਿੰਦਰ ਸਿੰਘ ਜੋਗਾ, ਪ੍ਰਚਾਰਕ ਅਤੇ ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੇ ਵੀ ਸ਼ਿਰਕਤ ਕੀਤੀ।

Exit mobile version