
ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ 25 ਤੋਂ 27 ਦਸੰਬਰ ਤੱਕ ਫਤਹਿਗੜ੍ਹ ਸਾਹਿਬ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਜਾਵੇਗੀ। ਇਸ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਦਰਸ਼ਨਾਂ ਲਈ ਪੁੱਜਣਗੇ ਅਤੇ ਉਨ੍ਹਾਂ ਦੀ ਸੇਵਾ ਲਈ ਸੈਂਕੜੇ ਵੱਡੇ ਤੇ ਛੋਟੇ ਲੰਗਰ ਲਗਾਏ ਜਾਣਗੇ।
ਲੰਗਰਾਂ ਦੇ ਆਯੋਜਨ ਸਬੰਧੀ ਵੱਖ-ਵੱਖ ਲੰਗਰ ਕਮੇਟੀਆਂ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਕੋਲੋਂ ਪ੍ਰਵਾਨਗੀ ਲਈ ਅਰਜ਼ੀਆਂ ਦਿੱਤੀਆਂ ਗਈਆਂ ਹਨ। ਇਸ ਵਾਰ ਸ਼ਹੀਦੀ ਸਭਾ ਦੌਰਾਨ ਵਾਤਾਵਰਣ ਸੁਰੱਖਿਆ ਅਤੇ ਮਨੁੱਖੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਰੋਕਣ ਲਈ ਖ਼ਾਸ ਕਦਮ ਚੁੱਕੇ ਜਾ ਰਹੇ ਹਨ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਐਲਾਨ ਕੀਤਾ ਗਿਆ ਹੈ ਕਿ ਲੰਗਰਾਂ ਵਿੱਚ ਸਿੰਗਲ-ਯੂਜ਼ ਪਲਾਸਟਿਕ ਦੀ ਥਾਂ ਵਾਤਾਵਰਣ ਅਨੁਕੂਲ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ। ਸ਼ਹੀਦੀ ਸਭਾ ਦੌਰਾਨ ਜਿੱਥੇ ਪੀਪੀਸੀਬੀ ਦੀਆਂ ਟੀਮਾਂ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਰੋਕਣ ਲਈ ਚੈਕਿੰਗ ਕਰਨਗੀਆਂ, ਉਥੇ ਹੀ ਬੋਰਡ ਵੱਲੋਂ ਲੱਕੜ ਅਤੇ ਸਟਰੈਚ ਦੀਆਂ ਪਲੇਟਾਂ, ਕਟੋਰੀਆਂ, ਚਮਚੇ ਅਤੇ ਕਾਗਜ਼ ਦੇ ਕੱਪ ਵੀ ਵੰਡੇ ਜਾਣਗੇ।
READ ALSO : ਜਬਰ ਜਨਾਹ ਮਾਮਲਾ: MLA ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਹਾਈ ਕੋਰਟ ’ਚ ਪੇਸ਼ਗੀ ਜ਼ਮਾਨਤ ਪਟੀਸ਼ਨ ਦਾਇਰ
ਪੀਪੀਸੀਬੀ ਦੇ ਕਾਰਜਕਾਰੀ ਇੰਜੀਨੀਅਰ ਮੋਹਿਤ ਸਿੰਗਲਾ ਨੇ ਦੱਸਿਆ ਕਿ ਲੰਗਰਾਂ ਵਿੱਚ ਗਰਮ ਚਾਹ, ਕੌਫੀ, ਹਲਵਾ, ਖੀਰ ਅਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ਪਰੋਸਣ ਲਈ ਅਕਸਰ ਪਾਬੰਦੀਸ਼ੁਦਾ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਸਿਹਤ ਅਤੇ ਵਾਤਾਵਰਣ ਦੋਹਾਂ ਲਈ ਗੰਭੀਰ ਨੁਕਸਾਨਦਾਇਕ ਹੈ। ਇਸ ਸਮੱਸਿਆ ਨੂੰ ਦੇਖਦਿਆਂ ਪੀਪੀਸੀਬੀ ਨੇ ਲੰਗਰ ਕਮੇਟੀਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਰੀਸਾਈਕਲਿੰਗ ਉਦਯੋਗ ਦੇ ਸਹਿਯੋਗ ਨਾਲ ਵਾਤਾਵਰਣ ਅਨੁਕੂਲ ਡਿਸਪੋਜ਼ੇਬਲ ਸਮੱਗਰੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਲੰਗਰ ਕਮੇਟੀਆਂ ਨੂੰ ਪਹਿਲਾਂ ਹੀ ਅਪੀਲ ਕੀਤੀ ਗਈ ਹੈ ਕਿ ਉਹ ਸ਼ਹੀਦੀ ਸਭਾ ਖੇਤਰ ਅਤੇ ਆਲੇ-ਦੁਆਲੇ ਦੇ ਸ਼ਹਿਰਾਂ ਵਿੱਚ ਕੱਪੜੇ ਦੇ ਬੈਨਰ ਲਗਾ ਕੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਨਗਰ ਕੌਂਸਲ ਅਤੇ ਪੀਪੀਸੀਬੀ ਦੀਆਂ ਸਾਂਝੀਆਂ ਟੀਮਾਂ ਲੰਗਰਾਂ ਦਾ ਦੌਰਾ ਕਰਨਗੀਆਂ। ਜੇ ਕਿਤੇ ਵੀ ਸਿੰਗਲ-ਯੂਜ਼ ਪਲਾਸਟਿਕ ਨਜ਼ਰ ਆਇਆ ਤਾਂ ਉਸ ਨੂੰ ਤੁਰੰਤ ਹਟਾ ਕੇ ਵਾਤਾਵਰਣ ਅਨੁਕੂਲ ਵਿਕਲਪ ਉਪਲਬਧ ਕਰਵਾਏ ਜਾਣਗੇ।
ਇਸ ਮੁਹਿੰਮ ਲਈ ਪੀਪੀਸੀਬੀ ਵੱਲੋਂ ਲਗਭਗ 2 ਲੱਖ ਪੇਪਰ ਕੱਪ, 2 ਲੱਖ ਕਟੋਰੇ, 2 ਲੱਖ ਤੋਂ ਵੱਧ ਚਮਚੇ ਅਤੇ 50 ਹਜ਼ਾਰ ਪਲੇਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਗੌਰਤਲਬ ਹੈ ਕਿ 12 ਦਸੰਬਰ ਨੂੰ ਲੰਗਰ ਕਮੇਟੀਆਂ, ਸ਼੍ਰੋਮਣੀ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਹੋਈ ਮੀਟਿੰਗ ਦੌਰਾਨ ਵੀ ਸਪੱਸ਼ਟ ਤੌਰ ’ਤੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ।
ਭਾਵੇਂ ਪਿਛਲੇ ਸਾਲਾਂ ਵਿੱਚ ਵੀ ਅਜਿਹੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਪਰ ਲੰਗਰਾਂ ਵਿੱਚ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕੀਤਾ ਜਾ ਸਕਿਆ। ਧਾਰਮਿਕ ਮੌਕੇ ਹੋਣ ਕਾਰਨ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਤੋਂ ਪਰਹੇਜ਼ ਕੀਤਾ ਜਾਂਦਾ ਰਿਹਾ ਹੈ। ਇਸ ਵਾਰ ਪੀਪੀਸੀਬੀ ਵੱਲੋਂ ਕੀਤੀ ਗਈ ਇਹ ਪਹਿਲ ਕਿੰਨੀ ਸਫਲ ਰਹੇਗੀ, ਇਸ ਵੱਲ ਸਾਰਿਆਂ ਦੀ ਨਜ਼ਰ ਰਹੇਗੀ।
ਰਾਣਾ ਬਲਾਚੌਰੀਆ ਕਤਲ ਨਾਲ ਜੁੜ੍ਹੀ ਵੱਡੀ ਅਪਡੇਟ
