Lookout Circular: ਨਵੀਂ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ (CJP) ਦੇ ਸਹਿ-ਕਨਵੀਨਰ ਸੌਰਵ ਦਾਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੇਂਦਰ ਸਰਕਾਰ ਨੇ ਦਿੱਲੀ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਉਹ ਦੇਸ਼ ਤੋਂ ਬਾਹਰ ਨਹੀਂ ਜਾ ਸਕਣਗੇ।
ਵੀਰਵਾਰ ਨੂੰ ਦਿੱਲੀ ਹਾਈਕੋਰਟ ਵਿੱਚ ਸੌਰਵ ਦਾਸ ਵੱਲੋਂ ਵਿਦੇਸ਼ ਯਾਤਰਾ ‘ਤੇ ਲਗਾਈ ਗਈ ਰੋਕ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਚੇਤਨ ਸ਼ਰਮਾ ਨੇ ਅਦਾਲਤ ਨੂੰ ਦੱਸਿਆ ਕਿ ਦਾਸ ਵਿਰੁੱਧ LOC ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਸਪੋਰਟ ਵਿੱਚ ਸਾਹਮਣੇ ਆਈਆਂ ਕਥਿਤ ਖਾਮੀਆਂ ਦਾ ਅਸਰ ਉਨ੍ਹਾਂ ਦੀ ਭਾਰਤੀ ਨਾਗਰਿਕਤਾ ‘ਤੇ ਵੀ ਪੈ ਸਕਦਾ ਹੈ।
ਦੂਜੇ ਪਾਸੇ, ਸੌਰਵ ਦਾਸ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਜਦੋਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਹਾਜ਼ ਵਿੱਚ ਸਵਾਰ ਹੋਣ ਤੋਂ ਰੋਕਿਆ ਸੀ, ਉਸ ਸਮੇਂ LOC ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਜਵਾਬ ਮੰਗਿਆ ਹੈ।
ਦੱਸਣਯੋਗ ਹੈ ਕਿ ਸੌਰਵ ਦਾਸ ਨੇ ਸਰਕਾਰੀ ਅਧਿਕਾਰੀਆਂ ਵੱਲੋਂ ਵਿਦੇਸ਼ ਜਾਣ ਤੋਂ ਰੋਕਣ ਦੇ ਫੈਸਲੇ ਖ਼ਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਦਿੱਲੀ ਹਵਾਈ ਅੱਡੇ ‘ਤੇ ਉਨ੍ਹਾਂ ਨੂੰ ਲੰਡਨ ਜਾਣ ਵਾਲੀ ਉਡਾਣ ਵਿੱਚ ਸਵਾਰ ਨਹੀਂ ਹੋਣ ਦਿੱਤਾ ਗਿਆ। ਉਨ੍ਹਾਂ ਨੇ ਆਕਸਫੋਰਡ ਯੂਨੀਵਰਸਿਟੀ ਵਿੱਚ ਇੱਕ ਲੈਕਚਰ ਦੇਣ ਲਈ ਲੰਡਨ ਜਾਣਾ ਸੀ।
ਇਸ ਮਾਮਲੇ ਵਿੱਚ ਵਿਦੇਸ਼ ਮੰਤਰਾਲੇ ਵੱਲੋਂ ਵੀ ਕਾਰਵਾਈ ਕੀਤੀ ਗਈ ਹੈ। ਮੰਤਰਾਲੇ ਨੇ ਦੱਸਿਆ ਕਿ ਪਾਸਪੋਰਟ ਅਰਜ਼ੀ ਵਿੱਚ ਜਨਮ ਸਥਾਨ ਨਾਲ ਜੁੜੀ ਜਾਣਕਾਰੀ ਵਿੱਚ ਕਥਿਤ ਗੜਬੜੀ ਸਾਹਮਣੇ ਆਉਣ ਤੋਂ ਬਾਅਦ ਚੇਨਈ ਦੇ ਖੇਤਰੀ ਪਾਸਪੋਰਟ ਦਫ਼ਤਰ ਨੇ ਸੌਰਵ ਦਾਸ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ ਸੱਤ ਦਿਨਾਂ ਦੇ ਅੰਦਰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ ਅਤੇ ਜਵਾਬ ਦੇਣ ਤੱਕ ਪਾਸਪੋਰਟ ਦੀ ਵਰਤੋਂ ਨਾ ਕਰਨ ਦੀ ਹਦਾਇਤ ਵੀ ਦਿੱਤੀ ਗਈ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸਪੱਸ਼ਟ ਕੀਤਾ ਕਿ ਪਾਸਪੋਰਟ ਲਈ ਅਰਜ਼ੀ ਦਿੰਦਿਆਂ ਸਹੀ ਅਤੇ ਪੂਰੀ ਜਾਣਕਾਰੀ ਦੇਣਾ ਲਾਜ਼ਮੀ ਹੈ। ਜੇਕਰ ਜਾਂਚ ਦੌਰਾਨ ਕਿਸੇ ਤਰ੍ਹਾਂ ਦੀ ਗਲਤ ਜਾਣਕਾਰੀ ਜਾਂ ਤੱਥ ਲੁਕਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਸਬੰਧਤ ਵਿਅਕਤੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਹਾਈਕੋਰਟ ਨੇ ਇਸ ਪਟੀਸ਼ਨ ‘ਤੇ ਅਗਲੀ ਸੁਣਵਾਈ 9 ਦਸੰਬਰ ਨੂੰ ਤੈਅ ਕੀਤੀ ਹੈ।

