Speaker Kultar Singh Sandhwan : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਚਾਹਲ ਪਿੰਡ ਵਿੱਚ ਨਵੇਂ ਬਣੇ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕੀਤਾ ਅਤੇ ਇਸਨੂੰ ਸਥਾਨਕ ਨਿਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਉੱਤਮ ਅਤੇ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਸਪੀਕਰ ਸੰਧਵਾਂ ਨੇ ਕਿਹਾ ਕਿ ‘ਆਮ ਆਦਮੀ ਕਲੀਨਿਕ’ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੰਭਾਲ, ਮੁਫਤ ਡਾਇਗਨੌਸਟਿਕ ਟੈਸਟ, ਜ਼ਰੂਰੀ ਦਵਾਈਆਂ ਅਤੇ ਡਾਕਟਰੀ ਸਲਾਹ ਮਿਲ ਰਹੀ ਹੈ, ਜਿਸ ਨਾਲ ਆਮ ਲੋਕਾਂ ਦਾ ਸਮਾਂ ਅਤੇ ਪੈਸਾ ਦੋਵਾਂ ਦੀ ਬਚਤ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚਾਹਲ ਪਿੰਡ ਵਿੱਚ ਇਸ ਕਲੀਨਿਕ ਦੇ ਖੁੱਲ੍ਹਣ ਨਾਲ ਆਲੇ ਦੁਆਲੇ ਦੇ ਪਿੰਡਾਂ ਦੇ ਨਿਵਾਸੀਆਂ ਨੂੰ ਵੀ ਬਹੁਤ ਫਾਇਦਾ ਹੋਵੇਗਾ।
ਉਨ੍ਹਾਂ ਦੱਸਿਆ ਕਿ ‘ਆਮ ਆਦਮੀ ਕਲੀਨਿਕ’ ਵਿੱਚ 107 ਕਿਸਮਾਂ ਦੀਆਂ ਦਵਾਈਆਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। 42 ਤੋਂ ਵੱਧ ਕਿਸਮਾਂ ਦੇ ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫਤ ਹੋਣਗੇ, ਜਿਨ੍ਹਾਂ ਦੀਆਂ ਰਿਪੋਰਟਾਂ 48 ਘੰਟਿਆਂ ਦੇ ਅੰਦਰ ਉਪਲਬਧ ਹੋਣਗੀਆਂ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ ਅਤੇ ਬਿਹਤਰ ਸਹੂਲਤਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਸਕਣ।
ਇਸ ਮੌਕੇ ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਗੈਰੀ ਵੈਡਿੰਗ, ਰੈੱਡ ਕਰਾਸ ਸਕੱਤਰ ਮਨਦੀਪ ਮੋਂਗਾ, ਡਾ. ਯੁਵਰਾਜ ਸਿੰਘ, ਕਾਜਲ ਮੋਂਗਾ, ਰਾਣੀ, ਹਰਪ੍ਰੀਤ ਸਿੰਘ, ਸਰਪੰਚ ਸੁਖਦੇਵ ਸਿੰਘ, ਮੈਂਬਰ ਅੰਗਰੇਜ ਸਿੰਘ ਅਤੇ ਜਗਸੀਰ ਸਿੰਘ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਗ੍ਰਾਮ ਪੰਚਾਇਤ ਮੈਂਬਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।
