ਜਗਰਾਓਂ: ਲੁਧਿਆਣਾ ਦੇ ਜਗਰਾਓਂ ਨੇੜਲੇ ਪਿੰਡ ਪੱਬੀਆਂ ਵਿੱਚ ਆਵਾਰਾ ਕੁੱਤਿਆਂ ਦੇ ਹਮਲੇ ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਇਸ ਵਾਰ ਪਿੰਡ ਦੇ 80 ਸਾਲਾ ਸਾਬਕਾ ਸਰਪੰਚ ਜਗਦੀਸ਼ ਸਿੰਘ ਨੇ ਕੁੱਤਿਆਂ ਦੇ ਹਮਲੇ ਦੌਰਾਨ ਜਾਨ ਗੁਆ ਦਿੱਤੀ। ਪਿਛਲੇ 15 ਦਿਨਾਂ ਵਿੱਚ ਇਹ ਦੂਜੀ ਘਟਨਾ ਹੈ, ਜਿਸ ਕਾਰਨ ਪਿੰਡ ਵਾਸੀਆਂ ਵਿੱਚ ਡਰ ਅਤੇ ਰੋਸ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਜਗਦੀਸ਼ ਸਿੰਘ ਖੇਤਾਂ ਵਿੱਚ ਬਣੀ ਆਪਣੀ ਕੋਠੀ ਵਿੱਚ ਇਕੱਲੇ ਰਹਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਰਾਤ ਸਮੇਂ ਜਦੋਂ ਉਹ ਬਾਥਰੂਮ ਜਾਣ ਲਈ ਬਾਹਰ ਨਿਕਲੇ ਤਾਂ ਆਵਾਰਾ ਕੁੱਤਿਆਂ ਦੇ ਝੁੰਡ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਪਰਿਵਾਰ ਅਤੇ ਪਿੰਡ ਵਾਸੀਆਂ ਮੁਤਾਬਕ ਕੁੱਤਿਆਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜੋਂ:
Odysseus ਦੀ ਕਹਾਣੀ: Christopher Nolan ਦੀ ਸਭ ਤੋਂ ਵੱਡੀ ਫਿਲਮ ਦੇ ਪਿੱਛੇ 3,000 ਸਾਲ ਪੁਰਾਣੀ ਗਾਥਾ ਕੀ ਹੈ ਜਾਣੋ
ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਰੀਬ 15 ਦਿਨ ਪਹਿਲਾਂ ਆਵਾਰਾ ਕੁੱਤਿਆਂ ਦੇ ਹਮਲੇ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਚੁੱਕੀ ਹੈ। ਲਗਾਤਾਰ ਦੋ ਮੌਤਾਂ ਕਾਰਨ ਲੋਕਾਂ ਵਿੱਚ ਡਰ ਦੇ ਨਾਲ-ਨਾਲ ਪ੍ਰਸ਼ਾਸਨ ਖ਼ਿਲਾਫ਼ ਨਾਰਾਜ਼ਗੀ ਵੀ ਵਧ ਰਹੀ ਹੈ।
ਲੋਕਾਂ ਦਾ ਕਹਿਣਾ ਹੈ ਕਿ ਆਵਾਰਾ ਕੁੱਤਿਆਂ ਦੇ ਝੁੰਡ ਲੰਬੇ ਸਮੇਂ ਤੋਂ ਪਿੰਡ ਵਿੱਚ ਲੋਕਾਂ ਅਤੇ ਪਸ਼ੂਆਂ ’ਤੇ ਹਮਲੇ ਕਰ ਰਹੇ ਹਨ। ਕਈ ਵਾਰ ਪ੍ਰਸ਼ਾਸਨ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ, ਪਰ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ।
ਪਿੰਡ ਵਾਸੀਆਂ ਨੇ ਦੱਸਿਆ ਕਿ ਹੁਣ ਹਾਲਾਤ ਇਹ ਹਨ ਕਿ ਲੋਕ ਸ਼ਾਮ ਤੋਂ ਬਾਅਦ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰਦੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਤੁਰੰਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਅਤੇ ਪਿੰਡ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਜਾਨੀ ਨੁਕਸਾਨ ਹੋ ਸਕਦਾ ਹੈ।
Stray Dog Menace in Jagraon’s
