ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ ਵਿੱਚ ਪਾਰਟੀ ਨੇ ਭੁੱਚੋ ਵਿਧਾਨ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਡਾ. ਦਲਜੀਤ ਸਿੰਘ ਗੁਰੂ ਨੂੰ ਭੁੱਚੋ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ।
ਭੁੱਚੋ ਮੰਡੀ ਵਿੱਚ ਆਯੋਜਿਤ “ਪੰਜਾਬ ਬਚਾਓ ਰੈਲੀ” ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਇੱਕ ਵਧੀਆ ਅਤੇ ਯੋਗ ਵਿਅਕਤੀ ਦਿੱਤਾ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਡਾ. ਦਲਜੀਤ ਸਿੰਘ ਗੁਰੂ ਨੂੰ ਚੁਣ ਕੇ ਵਿਧਾਨ ਸਭਾ ਤੱਕ ਭੇਜਣ।
ਸੁਖਬੀਰ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਲਕੇ ਵਿੱਚ ਜਾਨਵਰਾਂ ਦੇ ਮਾਲਕਾਂ ਲਈ ਮੁਫ਼ਤ ਵੈਟਰਨਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜਾਨਵਰਾਂ ਲਈ ਮੁਫ਼ਤ ਡਾਕਟਰ ਉਪਲਬਧ ਕਰਵਾਏ ਜਾਣਗੇ ਜੋ ਪਸ਼ੂਆਂ ਦਾ ਮੁਫ਼ਤ ਟੀਕਾਕਰਨ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਲਈ ਹੁਣ ਕੇਵਲ 9-10 ਮਹੀਨੇ ਬਾਕੀ ਹਨ, ਇਸ ਲਈ ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋਣਾ ਪਵੇਗਾ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਕਈ ਪਾਰਟੀਆਂ ਚੋਣਾਂ ਲੜਦੀਆਂ ਹਨ, ਪਰ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਉਹ ਪਾਰਟੀ ਹੈ ਜੋ ਸੂਬੇ ਦੇ ਹਿੱਤਾਂ ਲਈ ਲੜ ਰਹੀ ਹੈ। ਉਨ੍ਹਾਂ ਨੇ ਵਰਕਰਾਂ ਅਤੇ ਸਮਰਥਕਾਂ ਨੂੰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇ ਡਾ. ਦਲਜੀਤ ਸਿੰਘ ਗੁਰੂ ਨੂੰ ਵਿਧਾਇਕ ਬਣਾਇਆ ਗਿਆ ਤਾਂ ਹਲਕੇ ਅਤੇ ਪੰਜਾਬ ਦੀ ਤਰੱਕੀ ਯਕੀਨੀ ਬਣਾਈ ਜਾ ਸਕਦੀ ਹੈ।
ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਨਿਸ਼ਾਨੇ ਵੀ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ‘ਤੇ ਲਿਆਉਣ ਲਈ ਅਕਾਲੀ ਦਲ ਵੱਲੋਂ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ।
ਉਨ੍ਹਾਂ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਕਿਸੇ ਵੀ ਫੈਕਟਰੀ ਜਾਂ ਸੀਵਰੇਜ ਦਾ ਗੰਦਾ ਪਾਣੀ ਪੰਜਾਬ ਦੇ ਦਰਿਆਵਾਂ ਵਿੱਚ ਜਾਣ ਨਹੀਂ ਦਿੱਤਾ ਜਾਵੇਗਾ ਅਤੇ ਇਸ ਲਈ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਕਬੱਡੀ ਵਿਸ਼ਵ ਕੱਪ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ।
ਪੰਜਾਬ ਬਜਟ 2026: ਸਿਹਤ ਖੇਤਰ ਲਈ 5,598 ਕਰੋੜ ਰਾਖਵੇਂ, ਹਰ ਪਰਿਵਾਰ ਨੂੰ ਮਿਲੇਗਾ ₹10 ਲੱਖ ਤੱਕ ਕੈਸ਼ਲੇਸ ਇਲਾਜ

