
ਪੰਜਾਬ ਸਰਕਾਰ ਨੇ ਸਫਾਈ ਨੂੰ ਇੱਕ ਜਨ-ਅੰਦੋਲਨ ਵਿੱਚ ਬਦਲਣ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬਲਾਕ ਘਰੋਟਾ ਦੇ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਇਸ ਸਾਲ ਇਹ ਮੁਹਿੰਮ ਵਧੇਰੇ ਵਿਆਪਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਈ ਜਾਵੇਗੀ।
ਇਸ ਸਮਾਗਮ ਦੌਰਾਨ, ਡੀ.ਐਸ.ਓ.-ਕਮ-ਕਾਰਜਕਾਰੀ ਇੰਜੀਨੀਅਰ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪਠਾਨਕੋਟ ਦੇ ਏ.ਡੀ.ਐਸ.ਓ. ਅਤੇ ਸਮਾਜਿਕ ਸਟਾਫ ਨੇ ਹਾਜ਼ਰ ਪੰਚਾਇਤ ਨੁਮਾਇੰਦਿਆਂ ਨੂੰ ਮੁਹਿੰਮ ਦੇ ਉਦੇਸ਼ਾਂ ਅਤੇ ਯੋਜਨਾਬੱਧ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ‘ਤੇ ਜੋਰ
ਪੰਜਾਬ ਸਰਕਾਰ ਅਨੁਸਾਰ ਸਫ਼ਾਈ ਦਾ ਮਤਲਬ ਸਿਰਫ਼ ਸੜਕਾਂ, ਗਲੀਆਂ ਅਤੇ ਨਾਲੀਆਂ ਦੀ ਸਫ਼ਾਈ ਕਰਨਾ ਹੀ ਨਹੀਂ ਹੈ; ਇਸ ਦਾ ਅਸਲ ਮਕਸਦ ਲੋਕਾਂ ਦੀਆਂ ਰੋਜ਼ਾਨਾ ਦੀਆਂ ਆਦਤਾਂ ਵਿੱਚ ਸਫ਼ਾਈ ਨੂੰ ਸ਼ਾਮਲ ਕਰਨਾ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨੂੰ ਸਤਿਕਾਰ, ਕੰਮ ਕਰਨ ਲਈ ਸੁਰੱਖਿਅਤ ਮਾਹੌਲ ਤੇ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।
ਸਮਾਜ ਦੇ ਸਾਰੇ ਵਰਗਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੇ ਉਪਾਲੇ
ਇਸ ਮੁਹਿੰਮ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਸ਼ਾਮਲ ਕਰਨ ਲਈ ਕਈ ਪ੍ਰੋਗਰਾਮ ਉਲੀਕੇ ਜਾਣਗੇ। ਇਨ੍ਹਾਂ ਉਪਰਾਲਿਆਂ ਰਾਹੀਂ ਸਫ਼ਾਈ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਪਿੰਡਾਂ ਵਿੱਚ ਸਮੂਹਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਧਾਉਣ ਦਾ ਟੀਚਾ ਮਿੱਥਿਆ ਗਿਆ ਹੈ।
ਪੰਜਾਬ ਸਰਕਾਰ ਨੇ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪ ਪਿੰਡਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕਰਨ। ਸਫ਼ਾਈ ਨਾਲ ਸਬੰਧਤ ਯਤਨ ਸਿਰਫ਼ ਮੁਹਿੰਮ ਦੇ ਸਮੇਂ ਤੱਕ ਹੀ ਸੀਮਤ ਨਹੀਂ ਰਹਿਣੇ ਚਾਹੀਦੇ, ਸਗੋਂ ਇਨ੍ਹਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਣਾ ਚਾਹੀਦਾ ਹੈ।
