Site icon Dainik Savera Punjab

Vishwakarma Day: ਮੰਤਰੀ ਤਰੁਣਪ੍ਰੀਤ ਸੌਂਦ ਨੇ ਵਿਸ਼ਵਕਰਮਾ ਦਿਵਸ ਮੌਕੇ ਲੋਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Vishwakarma Day: ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਸੂਬੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਰਿਆਂ ਦੀ ਖੁਸ਼ਹਾਲੀ, ਸੁੱਖ-ਸ਼ਾਂਤੀ ਅਤੇ ਤਰੱਕੀ ਦੀ ਅਰਦਾਸ ਕਰਦਿਆਂ ਕਿਹਾ ਕਿ ਮਜ਼ਦੂਰਾਂ, ਕਾਰੀਗਰਾਂ ਅਤੇ ਤਕਨੀਕੀ ਮਾਹਿਰਾਂ ਦੀ ਮਿਹਨਤ ਸੂਬੇ ਤੇ ਦੇਸ਼ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਮੰਤਰੀ ਸੌਂਦ ਨੇ ਭਗਵਾਨ ਵਿਸ਼ਵਕਰਮਾ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਹਰ ਪਰਿਵਾਰ ਦੀ ਖੁਸ਼ਹਾਲੀ ਅਤੇ ਭਲਾਈ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਸਿਰਜਣਾ, ਕਲਾ, ਵਾਸਤੂਕਲਾ, ਤਕਨਾਲੋਜੀ ਅਤੇ ਨਿਰਮਾਣ ਕਾਰਜਾਂ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਬ੍ਰਹਿਮੰਡ ਦਾ ਮਹਾਨ ਸ਼ਿਲਪਕਾਰ ਵੀ ਕਿਹਾ ਜਾਂਦਾ ਹੈ।

ਉਨ੍ਹਾਂ ਅਨੁਸਾਰ ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਸਾਨੂੰ ਇਮਾਨਦਾਰੀ, ਅਨੁਸ਼ਾਸਨ, ਲਗਨ ਅਤੇ ਪੂਰੀ ਮਿਹਨਤ ਨਾਲ ਆਪਣਾ ਕੰਮ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ। ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਵਿੱਚ ਮਜ਼ਦੂਰਾਂ, ਕਾਰੀਗਰਾਂ, ਇੰਜੀਨੀਅਰਾਂ, ਤਕਨੀਸ਼ੀਅਨਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੁੰਦਾ ਹੈ।

ਮੰਤਰੀ ਨੇ ਕਿਹਾ ਕਿ ਸੜਕਾਂ, ਇਮਾਰਤਾਂ, ਉਦਯੋਗਾਂ, ਮਸ਼ੀਨਾਂ ਅਤੇ ਆਧੁਨਿਕ ਤਕਨਾਲੋਜੀ ਦੇ ਵਿਕਾਸ ਪਿੱਛੇ ਇਨ੍ਹਾਂ ਲੋਕਾਂ ਦੀ ਲਗਾਤਾਰ ਮਿਹਨਤ ਅਤੇ ਹੁਨਰ ਕੰਮ ਕਰਦਾ ਹੈ। ਮਜ਼ਦੂਰ ਅਤੇ ਕਾਰੀਗਰ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨ ਦੇ ਨਾਲ-ਨਾਲ ਦੇਸ਼ ਦੀ ਆਰਥਿਕਤਾ ਅਤੇ ਸਮਾਜਿਕ ਢਾਂਚੇ ਨੂੰ ਵੀ ਮਜ਼ਬੂਤੀ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਮਿਹਨਤਕਸ਼ ਲੋਕਾਂ ਦੇ ਕੰਮ, ਕਾਬਲੀਅਤ ਅਤੇ ਯੋਗਦਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ। ਮਜ਼ਦੂਰਾਂ ਨੂੰ ਇੱਜ਼ਤਦਾਰ ਜੀਵਨ, ਸੁਰੱਖਿਅਤ ਕੰਮਕਾਜੀ ਮਾਹੌਲ ਅਤੇ ਬਿਹਤਰ ਮੌਕੇ ਮੁਹੱਈਆ ਕਰਵਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਅੰਤ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵਿਸ਼ਵਕਰਮਾ ਦਿਵਸ ਸਾਨੂੰ ਆਪਣੇ ਕਿੱਤੇ ਪ੍ਰਤੀ ਸਮਰਪਿਤ ਰਹਿਣ, ਮਿਹਨਤ ਦੀ ਕਦਰ ਕਰਨ ਅਤੇ ਨਵੀਆਂ ਤਕਨੀਕਾਂ ਤੇ ਹੁਨਰਾਂ ਨੂੰ ਅਪਣਾ ਕੇ ਅੱਗੇ ਵਧਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਭਗਵਾਨ ਵਿਸ਼ਵਕਰਮਾ ਦੀ ਕਿਰਪਾ ਪੰਜਾਬ ਵਾਸੀਆਂ ’ਤੇ ਬਣੀ ਰਹੇ ਅਤੇ ਹਰ ਮਿਹਨਤਕਸ਼ ਪਰਿਵਾਰ ਦੇ ਜੀਵਨ ਵਿੱਚ ਖੁਸ਼ਹਾਲੀ ਆਵੇ।

Exit mobile version