ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ‘ਚ ਪੁਲਿਸ ਨੇ ਵੱਖਵਾਦੀ ਗਤੀਵਿਧੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪਾਬੰਦੀਸ਼ੁਦਾ ਤਹਿਰੀਕ-ਏ-ਹੁਰੀਅਤ ਦੇ ਮੁੱਖ ਦਫ਼ਤਰ ਨੂੰ ਜ਼ਬਤ ਕਰ ਲਿਆ ਹੈ। ਇਹ ਇਮਾਰਤ ਹੈਦਰਪੁਰਾ ਦੇ ਰਹਿਮਤਾਬਾਦ ਖੇਤਰ ‘ਚ ਸਥਿਤ ਹੈ ਅਤੇ ਲੰਬੇ ਸਮੇਂ ਤੋਂ ਅੱਤਵਾਦੀ ਨੈੱਟਵਰਕ ਦੇ ਦਫ਼ਤਰ ਵਜੋਂ ਵਰਤੀ ਜਾ ਰਹੀ ਸੀ। ਪੁਲਿਸ ਨੇ ਇਹ ਕਦਮ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੀ ਧਾਰਾ 25 ਦੇ ਤਹਿਤ ਚੁੱਕਿਆ। ਜ਼ਬਤ ਕੀਤੀ ਗਈ ਜਾਇਦਾਦ ਵਿੱਚ 1 ਕਨਾਲ 1 ਮਰਲਾ ਜ਼ਮੀਨ ‘ਤੇ ਬਣੀ ਤਿੰਨ ਮੰਜ਼ਿਲਾ ਇਮਾਰਤ ਸ਼ਾਮਲ ਹੈ। ਇਹ ਕਾਰਵਾਈ ਬਡਗਾਮ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਦੇ ਆਧਾਰ ‘ਤੇ ਕੀਤੀ ਗਈ, ਜਿਸ ‘ਚ ਸੰਗਠਨ ਦੀ ਭੂਮਿਕਾ ਅਤੇ ਗਤੀਵਿਧੀਆਂ ਦੀ ਜਾਂਚ ਕੀਤੀ ਗਈ ਸੀ।

ਬਡਗਾਮ ਪੁਲਿਸ ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਅੱਤਵਾਦੀ ਤਾਕਤਾਂ ਨੂੰ ਨਿਬੇੜਨ ਦੇ ਉਦੇਸ਼ ਨਾਲ ਕੀਤੀ ਗਈ ਹੈ। ਪੁਲਿਸ ਨੇ ਦੁਹਰਾਇਆ ਕਿ ਅਜਿਹੀਆਂ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਅੱਗੇ ਵੀ ਲਾਗੂ ਰਹੇਗੀ। ਸੁਰੱਖਿਆ ਏਜੰਸੀਆਂ ਵੱਲੋਂ ਅਜਿਹੇ ਸੰਗਠਨਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਰਾਸ਼ਟਰ ਦੀ ਅਖੰਡਤਾ ਅਤੇ ਪ੍ਰਭੂਸੱਤਾ ਵਿਰੁੱਧ ਕੰਮ ਕਰਨ ਵਾਲਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ। ਇਹ ਕਦਮ ਨਾ ਸਿਰਫ਼ ਅੱਤਵਾਦੀ ਢਾਂਚਿਆਂ ਨੂੰ ਕਮਜ਼ੋਰ ਕਰੇਗਾ, ਸਗੋਂ ਘਾਟੀ ‘ਚ ਸ਼ਾਂਤੀ ਅਤੇ ਸਥਿਰਤਾ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਦੇਵੇਗਾ।

ਇਹ ਘਟਨਾ ਰਾਜਨੀਤਿਕ ਅਤੇ ਸੁਰੱਖਿਆ ਪੱਖੋਂ ਇੱਕ ਮਹੱਤਵਪੂਰਨ ਸੰਕੇਤ ਹੈ ਕਿ ਸਰਕਾਰ ਅੱਤਵਾਦ ਅਤੇ ਵੱਖਵਾਦ ਵਿਰੁੱਧ ਆਪਣੇ ਰੁਖ ‘ਤੇ ਅਟਲ ਹੈ।